ਤਲਵੰਡੀ ਸਾਬੋ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 2022 ਵਿੱਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਕਿਸੇ ਹੋਰ ਨੇ ਨਹੀਂ ਸਗੋਂ ਦਵਿੰਦਰ ਸਿੰਘ ਸਰਾਂ ਦੇ ਪੁੱਤਰ ਵੱਲੋਂ ਹੀ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਮੁੱਢਲੀ ਜਾਣਕਾਰੀ ਮੁਤਾਬਿਕ ਘਰੇਲੂ ਜ਼ਮੀਨੀ ਵਿਵਾਦ ਦੌਰਾਨ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਉਸਦੇ ਪੁੱਤਰ ਨੇ ਸਾਥੀਆਂ ਨਾਲ ਮਿਲਕੇ 10 ਮਈ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਜ਼ਖਮਾਂ ਦੀ ਤਾਬ ਨਾ ਝੱਲਦਿਆਂ ਅੱਜ ਦਵਿੰਦਰ ਸਿੰਘ ਸਰਾਂ ਨੇ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਤੋਂ ਹੀ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ ‘ਤੇ ਆਗੂ ਦੇ ਪੁੱਤਰ ਅਮਨਿੰਦਰ ਸਿੰਘ ਅਤੇ ਉਸਦੇ ਦੋ ਸਾਥੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਵਾਰਦਾਤ ਵਿੱਚ ਸ਼ਾਮਿਲ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।