
Skip to content

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫ.ਆਈ.ਆਰ. ਦੀ ਮੰਗ
ਫਗਵਾੜਾ (ਮਨੀਸ਼, ਇੰਦਰਜੀਤ ਸ਼ਰਮਾ): ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿਖੇ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਇਸ ਸਬੰਧੀ ਸਾਬਕਾ ਆਈ.ਏ.ਐੱਸ. ਅਧਿਕਾਰੀ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਡੀ.ਜੀ.ਪੀ. ਪੰਜਾਬ ਦੇ ਨਾਮ ਫਗਵਾੜਾ ਦੇ ਐੱਸ.ਪੀ. ਮੇਜਰ ਸਿੰਘ ਨੂੰ ਮੰਗ ਪੱਤਰ ਸੌਂਪਿਆ।
ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਡਰਾਉਣ-ਧਮਕਾਉਣ ਅਤੇ ਜ਼ਲੀਲ ਕਰਨ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਆਪਣੀ ਖੁਦਕੁਸ਼ੀ ਲਈ ਜ਼ਿੰਮੇਵਾਰ ਦੱਸਿਆ ਸੀ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਪੰਜ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਪਰ ਹਰਪਾਲ ਸਿੰਘ ਚੀਮਾ ਦਾ ਨਾਮ ਐੱਫ.ਆਈ.ਆਰ. ਵਿੱਚ ਦਰਜ ਨਹੀਂ ਕੀਤਾ ਗਿਆ।
ਕਾਂਗਰਸ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਜਾਂਚ ਦੌਰਾਨ ਹਰਪਾਲ ਸਿੰਘ ਚੀਮਾ ਦੀ ਕੋਈ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਚੀਮਾ ਨੂੰ ਸਰਕਾਰੀ ਅਤੇ ਪਾਰਟੀ ਅਹੁਦਿਆਂ ਤੋਂ ਹਟਾਇਆ ਜਾਵੇ।
ਕਾਂਗਰਸੀ ਆਗੂਆਂ ਨੇ ਇਹ ਦੋਸ਼ ਵੀ ਲਗਾਇਆ ਕਿ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਪਰਿਵਾਰ ਦੀ ਇੱਛਾ ਦੇ ਉਲਟ ਸਰਕਾਰ ਵੱਲੋਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਮਲੇ ਨਾਲ ਜੁੜੇ ਹਰ ਪੱਖ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ।
ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਲਗਾਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ’ਤੇ ਸੁਣਵਾਈ ਹੋ ਚੁੱਕੀ ਹੈ ਅਤੇ ਅਦਾਲਤ ਵੱਲੋਂ ਸਰਕਾਰ ਤੋਂ ਮਾਮਲੇ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਗਈ ਹੈ।
ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਤੇ ਦਿਹਾਤੀ ਦੇ ਕਾਂਗਰਸੀ ਵਰਕਰਾਂ ਤੋਂ ਇਲਾਵਾ ਐੱਸ.ਸੀ. ਵਿੰਗ, ਮਹਿਲਾ ਵਿੰਗ, ਓ.ਬੀ.ਸੀ. ਵਿੰਗ ਅਤੇ ਯੂਥ ਕਾਂਗਰਸ ਦੇ ਆਗੂ, ਪਿੰਡ ਦੇ ਸਰਪੰਚ, ਪੰਚ ਅਤੇ ਨੰਬਰਦਾਰ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।

Related