ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਦੀ ਅਗਵਾਈ ਹੇਠ ਸਜਾਏ ਧਾਰਮਿਕ ਦੀਵਾਨ, ਸੰਗਤਾਂ ਨੇ ਗੁਰੂ ਜਸ ਸਰਵਣ ਕੀਤਾ

    ਨਾਭਾ, 27 ਅਕਤੂਬਰ (ਅਮਨ ਗਰਗ): ਨਾਭਾ ਦੇ ਨਜ਼ਦੀਕ ਸਥਿਤ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਜੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਧਰਮ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਅਤੇ ਉਨ੍ਹਾਂ ਵੱਲੋਂ ਦਰਸਾਏ ਸੇਵਾ, ਸਿਮਰਨ, ਨਿਮਰਤਾ ਤੇ ਗੁਰਮਤਿ ਦੇ ਮਾਰਗ ਬਾਰੇ ਚਾਨਣਾ ਪਾਇਆ ਗਿਆ। ਸੰਗਤਾਂ ਨੇ ਇਕਾਗਰਤਾ ਨਾਲ ਗੁਰੂ ਜਸ ਸਰਵਣ ਕੀਤਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਪ੍ਰਾਪਤ ਕੀਤਾ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਜੀ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਮੁੱਚਾ ਗੁਰਦੁਆਰਾ ਸਾਹਿਬ ਗੁਰਬਾਣੀ ਅਤੇ ਗੁਰੂ ਜਸ ਦੀ ਰੂਹਾਨੀ ਰੰਗਤ ਨਾਲ ਸਰਸ਼ਾਰ ਨਜ਼ਰ ਆਇਆ। ਇਸ ਮੌਕੇ ਬਾਬਾ ਹਰਦੇਵ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਗੁਰਬੰਤ ਸਿੰਘ, ਹੈੱਡ ਗ੍ਰੰਥੀ ਬਾਬਾ ਤਰਲੋਚਨ ਸਿੰਘ, ਬਾਬਾ ਜਤਿੰਦਰ ਸਿੰਘ ਲਾਡੀ, ਬਾਬਾ ਨਾਮਦੇਵ ਜੀ, ਬਾਬਾ ਗੁਰਾਇਆ ਜੀ ਕਾਰਸੇਵਾ, ਬਾਬਾ ਸੰਤੋਖ ਸਿੰਘ ਸ਼ੰਕਰਪੁਰ, ਬਾਬਾ ਗੁਰਮੀਤ ਸਿੰਘ ਹੱਲਾ, ਬਾਬਾ ਵਿਸਾਖਾ ਸਿੰਘ ਜੀ, ਐਮ.ਡੀ. ਮਲਕੀਤ ਕੰਬਾਈਨ ਨਾਭਾ ਚਰਨ ਸਿੰਘ, ਪਾਖਰ ਸਿੰਘ, ਬਾਬਾ ਹਰਦੇਵ ਸਿੰਘ ਪਾਲੀਆ, ਬਾਬਾ ਸੱਜੂ ਸਿੰਘ ਸਮੇਤ ਹੋਰ ਕਈ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ।