ਨਾਭਾ (ਅਮਨ ਗਰਗ): ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਹੇੜੀ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਤਿਉਹਾਰ ਦੀ ਮਹੱਤਤਾ ਨੂੰ ਦਰਸਾਇਆ ਗਿਆ।

ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ, ਗੀਤ, ਕਵਿਤਾਵਾਂ, ਰਾਮਲੀਲਾ ਅਤੇ ਨਾਟਕ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਦੁਸਹਿਰੇ ਨਾਲ ਸਬੰਧਤ ਚਿੱਤਰਕਲਾ ਗਤੀਵਿਧੀ ਵੀ ਕਰਵਾਈ ਗਈ ਅਤੇ ਰਾਵਣ ਦੇ ਪੁਤਲੇ ਦੀ ਝਾਕੀ ਪੇਸ਼ ਕੀਤੀ ਗਈ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਰਾਹੀਂ ਦੁਸਹਿਰੇ ਦੇ ਤਿਉਹਾਰ ਨਾਲ ਜੁੜੇ ਧਾਰਮਿਕ ਅਤੇ ਨੈਤਿਕ ਸੰਦੇਸ਼ ਨੂੰ ਉਜਾਗਰ ਕੀਤਾ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਪ੍ਰੀਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਸਾਨੂੰ ਇਸ ਤਿਉਹਾਰ ਤੋਂ ਸਿੱਖਿਆ ਲੈਂਦਿਆਂ ਸੱਚਾਈ, ਇਮਾਨਦਾਰੀ ਅਤੇ ਨੇਕੀ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਅਪਣਾਉਣ ਅਤੇ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਹੱਤਵ ਦੇਣ ਲਈ ਪ੍ਰੇਰਿਤ ਕੀਤਾ।

ਅੰਤ ਵਿੱਚ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ ਚੱਡਾ ਅਤੇ ਪ੍ਰਿੰਸੀਪਲ ਸਤਵਿੰਦਰ ਪ੍ਰੀਤ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੱਤੀਆਂ।