ਜਲੰਧਰ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਪੋਸਟ ਸ਼ੇਅਰ ਕਰਦਿਆਂ ਲਿਖਿਆ,
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ॥
ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ॥

    ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਸਾਰਿਆਂ ’ਤੇ ਮਿਹਰ ਭਰਿਆ ਹੱਥ ਬਣਾਈ ਰੱਖਣ।

    ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂਆਂ ਨੇ ਵੀ ਦਿੱਤੀ ਵਧਾਈ
    ਮੁੱਖ ਮੰਤਰੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂਆਂ ਵਲੋਂ ਇਸ ਮੌਕੇ ਸਭ ਨੂੰ ਵਧਾਈ ਦਿੱਤੀ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਸ਼ੇਅਰ ਕਰਦਿਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਲਿਖਿਆ,

    ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ।।
    ਹਾਜ਼ਰਾ-ਹਜ਼ੂਰ, ਸਰਬ ਕਲਾ ਭਰਪੂਰ, ਸ਼ਬਦ ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਮਿਹਰ ਕਰਨ ਅਤੇ ‘ਕੋਮਲ ਬਾਣੀ ਸਭ ਕਉ ਸੰਤੋਖੈ’ ਦੇ ਮਹਾਂਵਾਕ ਅਨੁਸਾਰ ਬਾਣੀ ਦਾ ਭਾਵ ਸਾਰੀ ਮਨੁੱਖਤਾ ਦੇ ਹਿਰਦਿਆਂ ਨੂੰ ਸਬਰ ਸੰਤੋਖ ਬਖਸ਼ੇ।