ਗੁਰੂ ਰੰਧਾਵਾ ਦੇ ਜਿਮ ’ਤੇ ਤਾਬੜਤੋੜ ਫਾਇਰਿੰਗ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਪੰਜਾਬੀ ਅਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਦੇ ਦਿੱਲੀ ਸਥਿਤ ਜਿਮ ’ਤੇ ਵੀਰਵਾਰ ਸਵੇਰੇ ਤਾਬੜਤੋੜ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਪੱਛਮੀ ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ ਸਥਿਤ ‘24HS ਫਿਟਨੈੱਸ ਦਿੱਲੀ’ ਜਿਮ ਵਿੱਚ ਵਾਪਰੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਅਨੁਸਾਰ 11 ਜੂਨ 2026 ਦੀ ਸਵੇਰ ਨੂੰ ਪੱਛਮੀ ਵਿਹਾਰ ਈਸਟ ਥਾਣੇ ਨੂੰ ਪੀਸੀਆਰ ਕਾਲ ਰਾਹੀਂ ਜਿਮ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਆਪਣੇ ਚਿਹਰੇ ਕੱਪੜੇ ਨਾਲ ਢੱਕੇ ਹੋਏ ਸਨ, ਜਿਮ ਦੇ ਸ਼ੀਸ਼ਿਆਂ ’ਤੇ ਕਈ ਰਾਊਂਡ ਫਾਇਰ ਕਰਕੇ ਫਰਾਰ ਹੋ ਗਏ।

ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਗਈ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ਦਾ ਸੰਬੰਧ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਜੁੜੇ ਪੁਰਾਣੇ ਵਿਵਾਦਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਇਸ ਬਾਰੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।

ਪੁਲਿਸ ਨੇ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਈ ਟੀਮਾਂ ਗਠਿਤ ਕਰ ਦਿੱਤੀਆਂ ਹਨ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਜਾਂਚ ਜਾਰੀ ਹੈ।