
Skip to content

ਪਹਿਲਗਾਮ ਅੱਤਵਾਦੀ ਹਮਲਾ: ਹਾਫਿਜ਼ ਸਈਦ ਵਿਰੁੱਧ ਐਨਆਈਏ ਅਦਾਲਤ ਨੇ ਜਾਰੀ ਕੀਤਾ ਗੈਰ-ਜ਼ਮਾਨਤੀ ਵਾਰੰਟ
ਜੰਮੂ (ਅਰਸ਼ਦੀਪ ਸਿੰਘ ਕਾਲੜਾ) :- ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਕਰ ਰਹੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਵੱਡੀ ਕਾਨੂੰਨੀ ਸਫ਼ਲਤਾ ਮਿਲੀ ਹੈ। ਜੰਮੂ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਪਾਕਿਸਤਾਨ ਸਥਿਤ ਮੁਖੀ ਹਾਫਿਜ਼ ਸਈਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ (ਐਨਬੀਡਬਲਯੂ) ਜਾਰੀ ਕੀਤਾ ਹੈ।
ਵਿਸ਼ੇਸ਼ ਜੱਜ ਨੇ 8 ਜੁਲਾਈ ਨੂੰ ਇਹ ਹੁਕਮ ਐਨਆਈਏ ਵੱਲੋਂ ਦਾਇਰ ਕੀਤੀ ਗਈ ਪੂਰਕ ਚਾਰਜਸ਼ੀਟ ‘ਤੇ ਸੁਣਵਾਈ ਦੌਰਾਨ ਜਾਰੀ ਕੀਤਾ। ਐਨਆਈਏ ਨੇ ਚਾਰਜਸ਼ੀਟ ਵਿੱਚ ਹਾਫਿਜ਼ ਸਈਦ ਨੂੰ ਉਸਦੀ ਨਿੱਜੀ ਭੂਮਿਕਾ ਦੇ ਨਾਲ-ਨਾਲ ਲਸ਼ਕਰ-ਏ-ਤੋਇਬਾ ਅਤੇ ਇਸ ਦੇ ਪ੍ਰੌਕਸੀ ਸੰਗਠਨ ਦ ਰੇਸਿਸਟੈਂਸ ਫਰੰਟ (ਟੀਆਰਐਫ) ਦੇ ਮੁਖੀ ਵਜੋਂ ਨਾਮਜ਼ਦ ਕੀਤਾ ਹੈ।
ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਰਗੋਧਾ ਦਾ ਰਹਿਣ ਵਾਲਾ ਹਾਫਿਜ਼ ਸਈਦ ਪਹਿਲਗਾਮ ਹਮਲੇ ਦਾ ਮੁੱਖ ਦੋਸ਼ੀ ਹੈ ਅਤੇ ਜਾਣਬੁੱਝ ਕੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਲਈ ਉਸ ਵਿਰੁੱਧ ਖੁੱਲ੍ਹੀ ਮਿਤੀ ਵਾਲਾ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਨਿਰਪੱਖ, ਸੰਪੂਰਨ ਅਤੇ ਪ੍ਰਭਾਵਸ਼ਾਲੀ ਜਾਂਚ ਲਈ ਦੋਸ਼ੀ ਦੀ ਗ੍ਰਿਫ਼ਤਾਰੀ ਅਤੇ ਹਿਰਾਸਤੀ ਪੁੱਛਗਿੱਛ ਲਾਜ਼ਮੀ ਹੈ। ਇਸ ਦੇ ਮੱਦੇਨਜ਼ਰ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ ਇਸ ਦੀ ਤਾਮੀਲ ਲਈ ਡੀਆਈਜੀ, ਐਨਆਈਏ ਜੰਮੂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹਾਫਿਜ਼ ਸਈਦ ‘ਤੇ ਭਾਰਤੀ ਨਿਆਏ ਸੰਹਿਤਾ (ਬੀਐਨਐਸ)-2023 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ)-1967 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੈ। ਉਸ ਨੂੰ ਭਾਰਤ ਅਤੇ ਅਮਰੀਕਾ ਵੱਲੋਂ ਗਲੋਬਲ ਅੱਤਵਾਦੀ ਕਰਾਰ ਦਿੱਤਾ ਜਾ ਚੁੱਕਾ ਹੈ ਅਤੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦਾ ਮਾਸਟਰਮਾਈਂਡ ਵੀ ਮੰਨਿਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਅਪ੍ਰੈਲ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਸੈਲਾਨੀ ਸ਼ਾਮਲ ਸਨ। ਇਸ ਮਾਮਲੇ ਦੀ ਜਾਂਚ ਐਨਆਈਏ ਵੱਲੋਂ ਕੀਤੀ ਜਾ ਰਹੀ ਹੈ।

Related