
Skip to content

24 ਸਤੰਬਰ ਨੂੰ ਹੋਵੇਗੀ ਅਹਿਮ ਗਵਾਹੀ, 8 ਲੱਖ ਰੁਪਏ ਦੇ ਰਿਸ਼ਵਤ ਕਾਂਡ ’ਚ ਸ਼ਿਕਾਇਤਕਰਤਾ ਆਕਾਸ਼ ਬੱਤਾ ਅਦਾਲਤ ’ਚ ਹੋਣਗੇ ਪੇਸ਼
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਅੱਠ ਲੱਖ ਰੁਪਏ ਦੇ ਕਥਿਤ ਰਿਸ਼ਵਤ ਕਾਂਡ ਵਿੱਚ 24 ਸਤੰਬਰ ਨੂੰ ਅਹਿਮ ਗਵਾਹੀ ਹੋਣ ਜਾ ਰਹੀ ਹੈ। ਮੰਡੀ ਗੋਬਿੰਦਗੜ੍ਹ ਦੇ ਵਪਾਰੀ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪਹਿਲੀ ਵਾਰ ਗਵਾਹੀ ਲਈ ਪੇਸ਼ ਹੋਣਗੇ। ਅਦਾਲਤ ਵੱਲੋਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ।
ਰਿਸ਼ਵਤ ਮਾਮਲੇ ਵਿੱਚ ਦੋਸ਼ ਤੈਅ ਹੋਣ ਤੋਂ ਬਾਅਦ ਹੁਣ ਸ਼ਿਕਾਇਤਕਰਤਾ ਦੀ ਗਵਾਹੀ ਨੂੰ ਮੁਕੱਦਮੇ ਦੀ ਅਹਿਮ ਕੜੀ ਮੰਨਿਆ ਜਾ ਰਿਹਾ ਹੈ। ਸੀਬੀਆਈ ਦੇ ਮੁਤਾਬਕ, ਆਕਾਸ਼ ਬੱਤਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਇੱਕ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਡਰ ਦਿਖਾ ਕੇ ਉਨ੍ਹਾਂ ਤੋਂ ਅੱਠ ਲੱਖ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਹੈ।
ਸ਼ਿਕਾਇਤ ਦੇ ਆਧਾਰ ’ਤੇ ਸੀਬੀਆਈ ਨੇ ਕਾਰਵਾਈ ਕਰਦਿਆਂ ਤਤਕਾਲੀ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਕਥਿਤ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ 24 ਸਤੰਬਰ ਨੂੰ ਹੋਣ ਵਾਲੀ ਗਵਾਹੀ ਦੌਰਾਨ ਆਕਾਸ਼ ਬੱਤਾ ਦੇ ਬਿਆਨ ਮੁਕੱਦਮੇ ਦੀ ਅਗਲੀ ਕਾਰਵਾਈ ਲਈ ਮਹੱਤਵਪੂਰਨ ਹੋ ਸਕਦੇ ਹਨ।
ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਸ਼ਿਕਾਇਤਕਰਤਾ ਦੇ ਪਹਿਲਾਂ ਦਰਜ ਕੀਤੇ ਬਿਆਨਾਂ ਨੂੰ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਦੂਜੇ ਪਾਸੇ, ਬਚਾਅ ਪੱਖ ਵੱਲੋਂ ਵੀ ਸ਼ਿਕਾਇਤਕਰਤਾ ਦੀ ਗਵਾਹੀ ਅਤੇ ਪਿਛਲੇ ਬਿਆਨਾਂ ਨੂੰ ਲੈ ਕੇ ਸਵਾਲ ਉਠਾਏ ਜਾ ਸਕਦੇ ਹਨ। 24 ਸਤੰਬਰ ਦੀ ਸੁਣਵਾਈ ਨਾਲ ਇਸ ਮਾਮਲੇ ਦੀ ਅਗਲੀ ਦਿਸ਼ਾ ਹੋਰ ਸਪੱਸ਼ਟ ਹੋਣ ਦੀ ਉਮੀਦ ਹੈ।

Related