ਹਰਿਦੁਆਰ ਹਾਦਸਾ: ਪੀੜਤ ਪਰਿਵਾਰਾਂ ਨੂੰ ਮਿਲੇ ਰਾਜਪਾਲ ਗੁਲਾਬ ਚੰਦ ਕਟਾਰੀਆ, 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਹਰਿਦੁਆਰ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਚਾਰ ਨਾਬਾਲਗ ਕਾਂਵੜੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੌਸਲਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਰਾਜਪਾਲ ਦੇ ਵਿਵੇਕਾਧੀਨ ਫੰਡ ਵਿੱਚੋਂ ਪ੍ਰਭਾਵਿਤ ਚਾਰਾਂ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਹਰਿਦੁਆਰ ਵਿੱਚ ਕਾਂਵੜ ਯਾਤਰਾ ਦੌਰਾਨ ਗੰਗਾ ਨਦੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਜਾਣ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਨੇ ਨਾ ਸਿਰਫ਼ ਪੀੜਤ ਪਰਿਵਾਰਾਂ, ਸਗੋਂ ਪੂਰੇ ਇਲਾਕੇ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ ਹੈ।

ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਰਾਜਪਾਲ ਕਟਾਰੀਆ ਨੇ ਇਸ ਘਟਨਾ ਨੂੰ ਬੇਹੱਦ ਦਿਲ-ਦਹਿਲਾਉਣ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚਾਰ ਮਾਸੂਮ ਬੱਚਿਆਂ ਦੀ ਅਚਨਚੇਤ ਮੌਤ ਇੱਕ ਅਜਿਹਾ ਘਾਟਾ ਹੈ ਜਿਸ ਦੀ ਕਦੇ ਭਰਪਾਈ ਨਹੀਂ ਹੋ ਸਕਦੀ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਬੱਚੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਕੁਝ ਪਰਿਵਾਰ ਬਹੁਤ ਹੀ ਮੁਸ਼ਕਲ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੇ ਹਨ।

ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਕਟਾਰੀਆ ਨੇ ਪਰਿਵਾਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦੀ ਤਾਕਤ ਬਖ਼ਸ਼ਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਵਿੱਤੀ ਮਦਦ ਬੱਚੇ ਦੇ ਵਿਛੋੜੇ ਦਾ ਦਰਦ ਘੱਟ ਨਹੀਂ ਕਰ ਸਕਦੀ, ਪਰ ਇਹ ਰਾਹਤ ਰਾਸ਼ੀ ਪਰਿਵਾਰਾਂ ਨੂੰ ਇਸ ਔਖੇ ਸਮੇਂ ਵਿੱਚ ਤੁਰੰਤ ਸਹਾਰਾ ਦੇਣ ਲਈ ਦਿੱਤੀ ਜਾ ਰਹੀ ਹੈ।

ਰਾਜਪਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮਿਲਣ ਵਾਲੀ ਹਰ ਤਰ੍ਹਾਂ ਦੀ ਮਦਦ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਤੱਕ ਪਹੁੰਚੇ। ਉਨ੍ਹਾਂ ਨੇ ਇੱਕ ਵਾਰ ਫਿਰ ਭਰੋਸਾ ਦਿਵਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।