ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਵਿੱਚ ਨਵੇਂ ਮੈਡੀਕਲ ਕਾਲਜ ਦੀ ਉਸਾਰੀ 20 ਮਾਰਚ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਪ੍ਰੋਜੈਕਟ ਲਗਭਗ 275 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇਸ ਨਾਲ ਖੇਤਰ ਵਿੱਚ ਉੱਚ ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਉਪਲਬਧ ਹੋਣਗੀਆਂ।

    ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰ ਸੂਬੇ ਵਿੱਚ ਕੁੱਲ ਸੱਤ ਨਵੇਂ ਮੈਡੀਕਲ ਕਾਲਜ ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਇਨ੍ਹਾਂ ਕਾਲਜਾਂ ਦੇ ਬਣਨ ਨਾਲ ਮੈਡੀਕਲ ਸਿੱਖਿਆ ਲਈ ਲਗਭਗ 600 ਨਵੀਆਂ ਸੀਟਾਂ ਦਾ ਇਜਾਫਾ ਹੋਵੇਗਾ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਲਈ ਡਾਕਟਰੀ ਦੀ ਪੜ੍ਹਾਈ ਦੇ ਮੌਕੇ ਵਧਣਗੇ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਦਾ ਰੁਖ ਕਰਨ ਦੀ ਲੋੜ ਘੱਟ ਪਵੇਗੀ।

    ਹੁਸ਼ਿਆਰਪੁਰ ਵਿੱਚ 100 ਸੀਟਾਂ ਵਾਲਾ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਇੱਥੇ ਪਹਿਲਾਂ ਹੀ 200 ਬਿਸਤਰਿਆਂ ਵਾਲਾ ਹਸਪਤਾਲ ਚੱਲ ਰਿਹਾ ਹੈ ਅਤੇ ਇਸਦੇ ਨਾਲ ਹੀ 300 ਬਿਸਤਰਿਆਂ ਦੀ ਹੋਰ ਸਹੂਲਤ ਤਿਆਰ ਕੀਤੀ ਜਾਵੇਗੀ। ਸਰਕਾਰ ਦਾ ਲਕਸ਼ ਹੈ ਕਿ ਇਹ ਸਾਰਾ ਪ੍ਰੋਜੈਕਟ ਦੋ ਸਾਲਾਂ ਵਿੱਚ ਮੁਕੰਮਲ ਕਰਕੇ 2028 ਤੱਕ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇ।

    ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਪਿਛਲੀ ਸਰਕਾਰ ਦੇ ਸਮੇਂ ਇਸ ਪ੍ਰੋਜੈਕਟ ਦਾ ਅਨੁਮਾਨਿਤ ਬਜਟ 550 ਕਰੋੜ ਰੁਪਏ ਰੱਖਿਆ ਗਿਆ ਸੀ। ਕਈ ਵਾਰ ਟੈਂਡਰ ਜਾਰੀ ਹੋਣ ਦੇ ਬਾਵਜੂਦ ਕੰਪਨੀਆਂ ਨੇ ਰੁਚੀ ਨਹੀਂ ਦਿਖਾਈ। ਬਾਅਦ ਵਿੱਚ ਸਰਕਾਰ ਵੱਲੋਂ ਨਵੀਂ ਯੋਜਨਾ ਤਿਆਰ ਕਰਕੇ ਇਸਨੂੰ ਲਗਭਗ 274 ਕਰੋੜ ਰੁਪਏ ਵਿੱਚ ਬਣਾਉਣ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਕਰੀਬ 250 ਕਰੋੜ ਰੁਪਏ ਦੀ ਬਚਤ ਹੋਵੇਗੀ।

    ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਲਈ ਟੈਂਡਰ ਅਤੇ ਵਰਕ ਆਰਡਰ ਜਾਰੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਮੈਡੀਕਲ ਕਾਲਜਾਂ ਦੀ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ। ਇਹ ਪ੍ਰੋਜੈਕਟ ਸਰਕਾਰੀ-ਨਿੱਜੀ ਭਾਈਵਾਲੀ ਮਾਡਲ ਅਧੀਨ ਬਣਾਏ ਜਾਣਗੇ, ਜਿੱਥੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ 60:40 ਅਨੁਪਾਤ ਵਿੱਚ ਫੰਡ ਮੁਹੱਈਆ ਕਰਵਾਏ ਜਾਣਗੇ।

    ਸਿਹਤ ਮੰਤਰੀ ਨੇ ਦੱਸਿਆ ਕਿ ਪਹਿਲਾਂ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਕੁੱਲ 1900 ਸੀਟਾਂ ਸਨ, ਜਿਨ੍ਹਾਂ ਵਿੱਚ 300 ਦਾ ਵਾਧਾ ਕੀਤਾ ਜਾ ਚੁੱਕਾ ਹੈ। ਅੰਮ੍ਰਿਤਸਰ, ਪਟਿਆਲਾ, ਫਰੀਦਕੋਟ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਵੀ ਸੀਟਾਂ ਵਧਾਈਆਂ ਗਈਆਂ ਹਨ। ਹੁਣ 600 ਹੋਰ ਸੀਟਾਂ ਦੇ ਇਜਾਫੇ ਨਾਲ ਵਿਦਿਆਰਥੀਆਂ ਲਈ ਮੌਕੇ ਕਾਫੀ ਵਧ ਜਾਣਗੇ ਅਤੇ ਉਨ੍ਹਾਂ ਨੂੰ ਯੂਕਰੇਨ, ਚੀਨ ਜਾਂ ਨੇਪਾਲ ਵਰਗੇ ਦੇਸ਼ਾਂ ਵਿੱਚ ਪੜ੍ਹਾਈ ਲਈ ਜਾਣ ਦੀ ਲੋੜ ਨਹੀਂ ਪਵੇਗੀ।

    ਮੰਤਰੀ ਦੇ ਅਨੁਸਾਰ ਸੂਬੇ ਵਿੱਚ ਬਣ ਰਹੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ‘ਤੇ ਲਗਭਗ 20 ਹਜ਼ਾਰ ਤੋਂ 25 ਹਜ਼ਾਰ ਕਰੋੜ ਰੁਪਏ ਤੱਕ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਮੁਹੱਲਾ ਕਲੀਨਿਕਾਂ ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਵੀ ਚੱਲ ਰਹੀ ਹੈ। ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਵਰਗੇ ਪੁਰਾਣੇ ਮੈਡੀਕਲ ਕਾਲਜਾਂ ਨੂੰ ਪੋਸਟ ਗ੍ਰੈਜੂਏਟ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਉਥੇ ਉੱਚ ਪੱਧਰੀ ਇਲਾਜ ਦੀਆਂ ਸਹੂਲਤਾਂ ਵੀ ਵਧਾਈਆਂ ਜਾ ਰਹੀਆਂ ਹਨ।