
Skip to content

ਅਮਿਤ ਨਖਵਾਲ: ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ 15 ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀ ਚੇਤਾਵਨੀ ਜਾਰੀ ਕੀਤੀ ਹੈ। ਆਫ਼ਤ ਪ੍ਰਬੰਧਨ ਏਜੰਸੀਆਂ ਨੂੰ ਵੀ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਅੱਜ ਦੇਰ ਸ਼ਾਮ ਤੱਕ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਹਵਾਵਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਉੱਤਰ ਪ੍ਰਦੇਸ਼ ਦੇ ਗੋਰਖਪੁਰ, ਪ੍ਰਯਾਗਰਾਜ, ਬਹਿਰਾਇਚ, ਮੇਰਠ, ਮੁਜ਼ੱਫਰਨਗਰ, ਸਹਾਰਨਪੁਰ, ਗੌਤਮ ਬੁੱਧ ਨਗਰ, ਕਾਨਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਬਿਹਾਰ ਦੇ ਪੂਰਬੀ ਅਤੇ ਪੱਛਮੀ ਚੰਪਾਰਨ, ਕੈਮੂਰ, ਰੋਹਤਾਸ, ਮੁਜ਼ੱਫਰਪੁਰ, ਦਰਭੰਗਾ, ਭਾਗਲਪੁਰ, ਕਟਿਹਾਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਅਤੇ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਲਈ ਖ਼ਾਸ ਚੇਤਾਵਨੀ ਜਾਰੀ ਕੀਤੀ ਗਈ ਹੈ। ਹਰਿਦੁਆਰ, ਰਿਸ਼ੀਕੇਸ਼, ਨੈਨੀਤਾਲ, ਉੱਤਰਕਾਸ਼ੀ, ਚਮੋਲੀ ਅਤੇ ਰੁਦਰਪ੍ਰਯਾਗ ਸਮੇਤ ਕਈ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ। ਹਿਮਾਚਲ ਦੇ ਚੰਬਾ, ਕਾਂਗੜਾ, ਕੁੱਲੂ, ਸ਼ਿਮਲਾ ਅਤੇ ਮੰਡੀ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਇਸੇ ਦੌਰਾਨ ਓਡੀਸ਼ਾ ਅਤੇ ਅਸਾਮ ਵਿੱਚ ਹੜ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ ਅਤੇ ਕਈ ਇਲਾਕਿਆਂ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ 1 ਅਗਸਤ ਨੂੰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਗੁਜਰਾਤ ਸਮੇਤ 15 ਰਾਜਾਂ ਵਿੱਚ ਭਾਰੀ ਮੀਂਹ ਅਤੇ 75 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਰਿਪੋਰਟ: ਅਮਿਤ ਨਖਵਾਲ

Related