Skip to content
ਪੰਜਾਬ ਵਿਚ ਮਾਨਸੂਨ ਇਕਦਮ ਸਰਗਰਮ ਹੋ ਗਿਆ ਹੈ ਅਤੇ ਮੌਸਮ ਵਿਭਾਗ ਨੇ 23 ਜੁਲਾਈ ਲਈ ਸੂਬੇ ਦੇ ਕੁਝ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ, ਖਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ, ਜਿੱਥੇ 75 ਤੋਂ 100 ਪ੍ਰਤੀਸ਼ਤ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਅੱਜ 3:30 ਵਜੇ ਤੱਕ ਪੰਜਾਬ ਵਿੱਚ 29 ਥਾਵਾਂ ‘ਤੇ ਮੀਂਹ ਅਤੇ ਗਰਜ ਨਾਲ ਚਿਤਾਵਨੀ ਜਾਰੀ ਕੀਤੀ ਗਈ ਸੀ। ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਹਵਾਵਾਂ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (ਖੇਤਰ ਵਿੱਚ 25-50%) ਹੋਵੇਗੀ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।
ਮੌਸਮ ਵਿਭਾਗ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਓਡੀਸ਼ਾ, ਬਿਹਾਰ ਦੇ ਨਾਲ-ਨਾਲ ਉੱਤਰ-ਪੂਰਬੀ ਭਾਰਤ ਵਿਚ ਭਾਰੀ ਮੀਂਹ ਪਿਆ। ਮੰਗਲਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੀ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ ਯਾਨੀ ਅੱਜ ਦਿੱਲੀ-ਐਨਸੀਆਰ ਵਿੱਚ ਇਹ ਸਿਲਸਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਧਰ, ਬੁੱਧਵਾਰ ਸਵੇਰ ਤੋਂ ਹੀ ਮੁੰਬਈ ਵਿੱਚ ਅਸਮਾਨ ਪੂਰੀ ਤਰ੍ਹਾਂ ਬੱਦਲਵਾਈ ਹੈ। ਭਾਰੀ ਮੀਂਹ ਕਾਰਨ ਅੰਧੇਰੀ ਸਬਵੇਅ ਵੀ ਬੰਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 3-4 ਘੰਟਿਆਂ ਲਈ ਮੁੰਬਈ, ਠਾਣੇ, ਨਵੀਂ ਮੁੰਬਈ ਅਤੇ ਪਨਵੇਲ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਸਵੇਰੇ 8 ਵਜੇ ਦੇ ਮੌਸਮ ਦੀ ਭਵਿੱਖਬਾਣੀ ਅਨੁਸਾਰ, ਪੂਰੇ ਸ਼ਹਿਰ ਵਿੱਚ ਬਿਜਲੀ ਡਿੱਗਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਮੇਂ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।
Related