ਅਗਲੀ ਸੁਣਵਾਈ ’ਤੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ, ਕੇਸ ਦੀ ਸੁਣਵਾਈ ਇੱਕ ਮਹੀਨੇ ਲਈ ਮੁਲਤਵੀ

ਚੰਡੀਗੜ੍ਹ (ਅਮਿਤ ਨੱਖਵਾਲ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮ੍ਰਿਤਕ ਦਲਜੀਤ ਸਿੰਘ ਦੇ ਮਾਮਲੇ ਵਿੱਚ ਅਹਿਮ ਸੁਣਵਾਈ ਕਰਦਿਆਂ ਸੂਬਾ ਸਰਕਾਰ ਨੂੰ ਏਮਜ਼ ਬਠਿੰਡਾ ਅਤੇ ਪੀਜੀਆਈ ਚੰਡੀਗੜ੍ਹ ਵੱਲੋਂ ਤਿਆਰ ਕੀਤੀਆਂ ਪੋਸਟਮਾਰਟਮ ਅਤੇ ਵਿਸਰਾ ਰਿਪੋਰਟਾਂ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਅਤੇ ਮਾਤਾ ਵੱਲੋਂ ਹਾਈ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕਰਕੇ 3 ਨਵੰਬਰ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਗਈ ਸੀ। ਅਰਜ਼ੀ ਵਿੱਚ ਮ੍ਰਿਤਕ ਦੀ ਦੇਹ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਮਾਨਸਾ ਵਿਖੇ ਕਰਨ ਦੀ ਇਜਾਜ਼ਤ ਮੰਗੀ ਗਈ ਸੀ।

ਅੱਜ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਚੰਚਲ ਸਿੰਗਲਾ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਮ੍ਰਿਤਕ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਮਾਨਸਾ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਅਦਾਲਤ ਨੇ ਸਰਕਾਰੀ ਵਕੀਲ ਨੂੰ ਨਿਰਦੇਸ਼ ਦਿੱਤੇ ਕਿ ਏਮਜ਼ ਬਠਿੰਡਾ ਅਤੇ ਪੀਜੀਆਈ ਚੰਡੀਗੜ੍ਹ ਦੀਆਂ ਪੋਸਟਮਾਰਟਮ ਅਤੇ ਵਿਸਰਾ ਰਿਪੋਰਟਾਂ ਅਗਲੀ ਸੁਣਵਾਈ ਮੌਕੇ ਅਦਾਲਤ ਵਿੱਚ ਪੇਸ਼ ਕੀਤੀਆਂ ਜਾਣ। ਇਸ ਮਾਮਲੇ ਵਿੱਚ ਪਟੀਸ਼ਨਰਾਂ ਵੱਲੋਂ ਐਡਵੋਕੇਟ ਬਲਤੇਜ ਸਿੰਘ ਸਿੱਧੂ ਪੇਸ਼ ਹੋਏ।

ਰਿਪੋਰਟ: ਅਮਿਤ ਨੱਖਵਾਲ