ਹਿਮਾਚਲ ਦੇ ਕੁੱਲੂ ‘ਚ ਦਰਦਨਾਕ ਸੜਕ ਹਾਦਸਾ: ਜਲੰਧਰ ਦੇ ਪਿਤਾ-ਧੀ ਦੀ ਮੌਤ, 3 ਹੋਰ ਜ਼ਖ਼ਮੀ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਜਲੰਧਰ ਦੇ ਰਾਮਾਮੰਡੀ ਇਲਾਕੇ ਦੇ ਪਿਤਾ-ਧੀ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਤਿੰਨ ਹੋਰ ਮੈਂਬਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ 45 ਸਾਲਾ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੀ 19 ਸਾਲਾ ਧੀ ਨਿਧਿ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਘੁੰਮਣ ਲਈ ਮਣਿਕਰਨ ਘਾਟੀ ਗਿਆ ਹੋਇਆ ਸੀ। ਇਸ ਦੌਰਾਨ ਸਰਸਾੜੀ ਇਲਾਕੇ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਕਰੀਬ 50 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਦੇ ਹੋਏ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਪਰਮਿੰਦਰ ਸਿੰਘ ਅਤੇ ਨਿਧਿ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ, ਜਦਕਿ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਦਾ ਇਲਾਜ ਜਾਰੀ ਹੈ, ਜਿਨ੍ਹਾਂ ਵਿੱਚ ਇੱਕ 8 ਸਾਲ ਦੀ ਬੱਚੀ ਵੀ ਸ਼ਾਮਲ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ ਰਾਮਾਮੰਡੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪੀੜਤ ਪਰਿਵਾਰ ਦੇ ਘਰ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ।