ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਵਰਲਡ ਕੱਪ ਜਿੱਤਣ ਲਈ ਕੀਤੀ ਅਰਦਾਸ

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ)  :- ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਭਾਰਤੀ ਹਾਕੀ ਟੀਮ ਦੀ ਕਾਮਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਐੱਫ.ਆਈ.ਐੱਚ. ਪ੍ਰੋ-ਲੀਗ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਪੂਰਾ ਧਿਆਨ ਆਉਣ ਵਾਲੇ ਹਾਕੀ ਵਰਲਡ ਕੱਪ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਮਹਾਰਾਜ ਦੇ ਦਰ ‘ਤੇ ਇਹ ਅਰਦਾਸ ਕਰਨ ਆਏ ਹਨ ਕਿ ਪੂਰੀ ਟੀਮ ‘ਤੇ ਮਿਹਰ ਭਰਿਆ ਹੱਥ ਬਣਿਆ ਰਹੇ ਅਤੇ ਭਾਰਤ ਇਸ ਵਾਰ ਵਰਲਡ ਕੱਪ ਜਿੱਤ ਕੇ ਦੇਸ਼ ਦਾ ਮਾਣ ਵਧਾਏ।

ਪਾਕਿਸਤਾਨ ਨਾਲ ਹੋਏ ਮੈਚ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਮੁਕਾਬਲਾ ਬਹੁਤ ਵਧੀਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਵਰਲਡ ਕੱਪ ਵਿੱਚ ਭਾਰਤ ਦਾ ਪੂਲ ਪਾਕਿਸਤਾਨ, ਇੰਗਲੈਂਡ ਅਤੇ ਵੇਲਜ਼ ਨਾਲ ਹੈ ਅਤੇ ਟੀਮ ਪ੍ਰੋ-ਲੀਗ ਤੇ ਯੂਰਪ ਦੌਰੇ ਦੌਰਾਨ ਮਿਲੇ ਤਜਰਬੇ ਦਾ ਪੂਰਾ ਲਾਭ ਚੁੱਕਦਿਆਂ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤਿਆਰ ਹੈ।

ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਵੀ ਅੰਮ੍ਰਿਤਸਰ ਆਉਣ ਦਾ ਮੌਕਾ ਮਿਲਦਾ ਹੈ, ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਜ਼ਰੂਰ ਨਤਮਸਤਕ ਹੁੰਦੇ ਹਨ, ਕਿਉਂਕਿ ਗੁਰੂ ਮਹਾਰਾਜ ਦੀ ਕਿਰਪਾ ਨਾਲ ਹੀ ਸਭ ਕੁਝ ਸੰਭਵ ਹੁੰਦਾ ਹੈ। ਪਰਿਵਾਰ ਨਾਲ ਦਰਸ਼ਨ ਕਰਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋਈ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਭਾਰਤੀ ਹਾਕੀ ਟੀਮ ਦਾ ਸ਼ਡਿਊਲ ਕਾਫ਼ੀ ਵਿਅਸਤ ਰਹੇਗਾ। ਵਰਲਡ ਕੱਪ ਤੋਂ ਬਾਅਦ ਏਸ਼ੀਅਨ ਗੇਮਜ਼ ਅਤੇ ਏਸ਼ੀਅਨ ਚੈਂਪੀਅਨਜ਼ ਟਰਾਫੀ ਵਰਗੇ ਵੱਡੇ ਟੂਰਨਾਮੈਂਟ ਖੇਡੇ ਜਾਣਗੇ। ਇਸ ਤੋਂ ਪਹਿਲਾਂ ਟੀਮ ਬੈਂਗਲੁਰੂ ਵਿੱਚ ਟ੍ਰੇਨਿੰਗ ਕੈਂਪ ਲਗਾ ਕੇ ਵਰਲਡ ਕੱਪ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਵੇਗੀ।

ਨੌਜਵਾਨ ਖਿਡਾਰੀਆਂ ਨੂੰ ਸੰਦੇਸ਼ ਦਿੰਦਿਆਂ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਅਪੀਲ ਕੀਤੀ ਕਿ ਖਿਡਾਰੀ ਮਿਹਨਤ ਕਰਨ, ਗੁਰੂ ਮਹਾਰਾਜ ਦਾ ਨਾਮ ਜਪਣ, ਮਾਪਿਆਂ, ਵੱਡਿਆਂ ਅਤੇ ਆਪਣੇ ਕੋਚਾਂ ਦਾ ਸਤਿਕਾਰ ਕਰਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੇ ਨੌਜਵਾਨ ਭਵਿੱਖ ਵਿੱਚ ਭਾਰਤ ਦੀ ਨੁਮਾਇੰਦਗੀ ਕਰਕੇ ਦੇਸ਼ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਕਰਨਗੇ।