ਹੁਸ਼ਿਆਰਪੁਰ (ਅਮਿਤ ਨਖਵਾਲ): ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਅੱਡਾ ਡਵਿਡਾ ਰਿਹਾਣਾ ਨੇੜੇ ਬੀਤੀ ਦੇਰ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ, ਜਦਕਿ ਕਰੀਬ ਦੋ ਤੋਂ ਤਿੰਨ ਸਾਲ ਦੀ ਇਕ ਨੰਨ੍ਹੀ ਬੱਚੀ ਗੰਭੀਰ ਜ਼ਖ਼ਮੀ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਚਸ਼ਮਦੀਦ ਸੁਖਜੀਤ ਭੁੱਲਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਲੁਧਿਆਣਾ ਤੋਂ ਹਿਮਾਚਲ ਪ੍ਰਦੇਸ਼ ਜਾ ਰਹੇ ਸਨ। ਰਸਤੇ ਵਿੱਚ ਉਨ੍ਹਾਂ ਦੀ ਨਜ਼ਰ ਸੜਕ ਕਿਨਾਰੇ ਬੁਰੀ ਤਰ੍ਹਾਂ ਨੁਕਸਾਨੇ ਹੋਏ ਮੋਟਰਸਾਈਕਲ ‘ਤੇ ਪਈ। ਜਦੋਂ ਉਹ ਰੁਕ ਕੇ ਮੌਕੇ ‘ਤੇ ਪਹੁੰਚੇ ਤਾਂ ਉੱਥੇ ਇਕ ਪਰਿਵਾਰ ਦੇ ਤਿੰਨ ਮੈਂਬਰ ਮ੍ਰਿਤਕ ਹਾਲਤ ਵਿੱਚ ਪਏ ਸਨ, ਜਦਕਿ ਇਕ ਨੰਨ੍ਹੀ ਬੱਚੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਸੜਕ ਦੇ ਕਿਨਾਰੇ ਮਿਲੀ।

ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਵਾਪਰਿਆ। ਰਾਹਗੀਰਾਂ ਨੇ ਤੁਰੰਤ ਐਂਬੂਲੈਂਸ ਅਤੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮ੍ਰਿਤਕਾਂ ਦੀਆਂ ਦੇਹਾਂ ਅਤੇ ਜ਼ਖ਼ਮੀ ਬੱਚੀ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ।

ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜ਼ਖ਼ਮੀ ਬੱਚੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਜੰਮੂ-ਕਸ਼ਮੀਰ ਤੋਂ ਪਹੁੰਚਣ ਤੱਕ ਮ੍ਰਿਤਕਾਂ ਦੀਆਂ ਦੇਹਾਂ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਮੂਲ ਰੂਪ ਵਿੱਚ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਅਤੇ ਚੱਬੇਵਾਲ ਵਿਖੇ ਰਹਿ ਕੇ ਮਿਹਨਤ-ਮਜ਼ਦੂਰੀ ਕਰਦਾ ਸੀ। ਮ੍ਰਿਤਕ ਪਤੀ-ਪਤਨੀ ਦੀ ਉਮਰ ਕਰੀਬ 30 ਤੋਂ 35 ਸਾਲ ਦੱਸੀ ਜਾ ਰਹੀ ਹੈ, ਜਦਕਿ ਹਾਦਸੇ ਵਿੱਚ ਉਨ੍ਹਾਂ ਦੇ ਕਰੀਬ ਪੰਜ ਸਾਲਾ ਪੁੱਤਰ ਦੀ ਵੀ ਮੌਤ ਹੋ ਗਈ। ਨੰਨ੍ਹੀ ਧੀ, ਜਿਸ ਦੀ ਉਮਰ ਕਰੀਬ ਦੋ ਤੋਂ ਤਿੰਨ ਸਾਲ ਹੈ, ਰਾਹਗੀਰਾਂ ਦੀ ਮੁਸਤੈਦੀ ਕਾਰਨ ਬਚਾ ਲਈ ਗਈ ਅਤੇ ਉਸ ਦਾ ਇਲਾਜ ਜਾਰੀ ਹੈ।

ਪੁਲਿਸ ਵੱਲੋਂ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਰਿਪੋਰਟ: ਅਮਿਤ ਨਖਵਾਲ