
Skip to content

ਅਮਲੋਹ/ਅਮਿਤ ਨਖਵਾਲ: ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਤੂਰਾਂ ਵਿੱਚ ਬੁੱਧਵਾਰ ਸਵੇਰੇ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਕਥਿਤ ਦੋਸ਼ੀ ਰਹੇ ਵਿਅਕਤੀ ਦਾ ਅਣਪਛਾਤੇ ਹਮਲਾਵਰ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਮੇਵਾ ਸਿੰਘ (45) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਤੂਰਾਂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਅਕਤੂਬਰ 2020 ਵਿੱਚ ਪਿੰਡ ਤੂਰਾਂ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਹੇਠ ਮੇਵਾ ਸਿੰਘ ਖ਼ਿਲਾਫ਼ ਥਾਣਾ ਮੰਡੀ ਗੋਬਿੰਦਗੜ੍ਹ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਦੋ ਵਾਰ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਸੰਦੀਪ ਸਿੰਘ, ਡੀ.ਐਸ.ਪੀ. ਅਮਲੋਹ ਵਿਕਰਮਜੀਤ ਸਿੰਘ ਘੁੰਮਣ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ।
ਪੁਲਿਸ ਅਨੁਸਾਰ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਕਤਲ ਦੇ ਕਾਰਨਾਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਲਈ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਡੀ.ਐਸ.ਪੀ. ਵਿਕਰਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਮ੍ਰਿਤਕ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਹਨ, ਪਰ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਸ ਦਾ ਸਿਰ ਧੜ ਤੋਂ ਵੱਖ ਕੀਤੇ ਜਾਣ ਦੀਆਂ ਚਰਚਾਵਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਫਿਲਹਾਲ ਪੁਲਿਸ ਇਸ ਕਤਲ ਦੇ ਪਿੱਛੇ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਵਿੱਚ ਜੁਟੀ ਹੋਈ ਹੈ।
Related