
Skip to content

ਪੰਜਾਬ-ਚੰਡੀਗੜ੍ਹ ‘ਚ ਭਿਆਨਕ ਗਰਮੀ ਦਾ ਕਹਿਰ, IMD ਵੱਲੋਂ ਆਰੇਂਜ ਅਲਰਟ ਜਾਰੀ; ਭਲਕੇ ਮੀਂਹ ਦੀ ਸੰਭਾਵਨਾ
ਪੰਜਾਬ ਅਤੇ ਰਾਜਧਾਨੀ Chandigarh ਵਿੱਚ ਭਿਆਨਕ ਗਰਮੀ ਅਤੇ ਕੜਕਦੀ ਧੁੱਪ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਵੀ ਦੋਵਾਂ ਥਾਵਾਂ ‘ਤੇ ‘ਸੀਵੀਅਰ ਹੀਟਵੇਵ’ ਦਾ ਪ੍ਰਭਾਵ ਰਹੇਗਾ, ਜਿਸ ਦੇ ਚਲਦਿਆਂ ਮੌਸਮ ਵਿਭਾਗ ਨੇ ‘ਆਰੇਂਜ ਅਲਰਟ’ ਜਾਰੀ ਕੀਤਾ ਹੈ।
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਪਹਿਲਾਂ ਹੀ 40 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ ਅਤੇ ਵੀਰਵਾਰ ਨੂੰ ਪਾਰਾ 42 ਤੋਂ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਵੇਲੇ Bathinda ਸੂਬੇ ਦਾ ਸਭ ਤੋਂ ਗਰਮ ਇਲਾਕਾ ਦਰਜ ਕੀਤਾ ਗਿਆ ਹੈ। ਗਰਮੀ ਅਤੇ ਤੇਜ਼ ਧੁੱਪ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।
ਚੰਡੀਗੜ੍ਹ ਅਤੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਲੋਕ ਤੇ ਵਿਦਿਆਰਥੀ ਧੁੱਪ ਤੋਂ ਬਚਣ ਲਈ ਸਿਰ ਢੱਕ ਕੇ ਅਤੇ ਛਤਰੀਆਂ ਲੈ ਕੇ ਘਰੋਂ ਬਾਹਰ ਨਿਕਲ ਰਹੇ ਹਨ। ਦੁਪਹਿਰ ਸਮੇਂ ਚੱਲ ਰਹੀਆਂ ਗਰਮ ਹਵਾਵਾਂ ਕਾਰਨ ਬਾਜ਼ਾਰਾਂ ਵਿੱਚ ਵੀ ਸੁੰਨਸਾਨੀ ਦੇਖਣ ਨੂੰ ਮਿਲ ਰਹੀ ਹੈ।
ਦੂਜੇ ਪਾਸੇ, ਮੌਸਮ ਵਿਭਾਗ ਨੇ ਰਾਹਤ ਭਰੀ ਖ਼ਬਰ ਵੀ ਦਿੱਤੀ ਹੈ। ਮਾਹਿਰਾਂ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਯਾਨੀ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਅਤੇ ਹਲਕੇ ਮੀਂਹ ਦੀ ਸੰਭਾਵਨਾ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਇਸ ਅਤਿ ਦੀ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਪਹਿਰ ਵੇਲੇ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਰੀਰ ਵਿੱਚ ਪਾਣੀ ਦੀ ਕਮੀ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨ।
Related