Skip to content
ਆਜ਼ਾਦ ਜਾਂਚ ਕਮੇਟੀ ਗਠਿਤ ਕਰਨ ਦੀ ਮੰਗ, ਸੱਚਾਈ ਸਾਹਮਣੇ ਲਿਆਉਣ ਲਈ ਦਿੱਤਾ 15 ਦਿਨਾਂ ਦਾ ਸਮਾਂ
ਅੰਮ੍ਰਿਤਸਰ (ਅਮਿਤ ਨੱਖਵਾਲ): ਬਹਿਰੀਨ ਮਾਮਲੇ ਨੂੰ ਲੈ ਕੇ ਪੰਥ ਵਿੱਚ ਫੈਲੇ ਭੁਲੇਖੇ ਅਤੇ ਧੁੰਦਲਾਪਣ ਨੂੰ ਦੂਰ ਕਰਨ ਲਈ ਪੰਥਕ ਅਸੈਂਬਲੀ, ਪੰਥਕ ਤਾਲਮੇਲ ਸੰਗਠਨ ਅਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਾਂਝੇ ਵਫ਼ਦ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਨੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਇੱਕ ਆਜ਼ਾਦ ਜਾਂਚ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ ਅਤੇ ਇਸ ਸਬੰਧੀ ਕਾਰਵਾਈ ਲਈ 15 ਦਿਨਾਂ ਦਾ ਸਮਾਂ ਦਿੱਤਾ।
ਇਸ ਵਫ਼ਦ ਦੀ ਅਗਵਾਈ ਗਿਆਨੀ ਕੇਵਲ ਸਿੰਘ, ਡਾ. ਖੁਸ਼ਹਾਲ ਸਿੰਘ (ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ) ਅਤੇ ਐਡਵੋਕੇਟ ਜਸਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸਰਦਾਰ ਤ੍ਰਿਲੋਚਨ ਬੀਰ ਸਿੰਘ, ਬਲਵਿੰਦਰ ਪਾਲ ਸਿੰਘ, ਸੁਰਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਸਮੇਤ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਜਸਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਹੋਰ ਸਬੰਧਤ ਧਿਰਾਂ ਵੱਲੋਂ ਦਿੱਤੇ ਗਏ ਬਿਆਨਾਂ ਕਾਰਨ ਸਿੱਖ ਸੰਗਤ ਵਿੱਚ ਕਾਫ਼ੀ ਭੁਲੇਖਾ ਪੈਦਾ ਹੋਇਆ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਬੰਧਤ ਬੀਬੀ ਦਾ ਦਾਅਵਾ ਹੈ ਕਿ ਉਸ ਨੇ ਜਥੇਦਾਰ ਸਾਹਿਬ ਨੂੰ ਸਾਰੀ ਜਾਣਕਾਰੀ ਦਿੱਤੀ ਸੀ ਅਤੇ ਜਥੇਦਾਰ ਸਾਹਿਬ ਵੀ ਇਸ ਗੱਲ ਤੋਂ ਇਨਕਾਰ ਨਹੀਂ ਕਰ ਰਹੇ, ਤਾਂ ਫਿਰ ਮਾਮਲੇ ਨਾਲ ਜੁੜੀ ਪੂਰੀ ਸੱਚਾਈ ਜਨਤਕ ਕਿਉਂ ਨਹੀਂ ਕੀਤੀ ਗਈ?
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਬੀਬੀ ਦੇ ਦਾਅਵੇ ਗ਼ਲਤ ਹਨ, ਤਾਂ ਇਸ ਸਬੰਧੀ ਕਾਨੂੰਨੀ ਜਾਂ ਮਰਿਆਦਾ ਅਨੁਸਾਰ ਕਾਰਵਾਈ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਜ਼ੋਰ ਦਿੱਤਾ ਕਿ ਇਸ ਮਾਮਲੇ ਵਿੱਚ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ, ਤਾਂ ਜੋ ਸੰਗਤ ਦੇ ਮਨਾਂ ਵਿੱਚ ਪੈਦਾ ਹੋਏ ਸਵਾਲਾਂ ਦੇ ਜਵਾਬ ਮਿਲ ਸਕਣ।
ਪੰਥਕ ਜਥੇਬੰਦੀਆਂ ਨੇ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀਆਂ ਸਿੱਖ ਸੰਸਥਾਵਾਂ ਦੀ ਸਾਖ ਅਤੇ ਭਰੋਸੇਯੋਗਤਾ ਕਾਇਮ ਰੱਖਣ ਲਈ ਪਾਰਦਰਸ਼ੀ ਢੰਗ ਨਾਲ ਜਾਂਚ ਕਰਵਾਈ ਜਾਵੇ। ਇਸ ਮਕਸਦ ਲਈ ਸੇਵਾਮੁਕਤ ਜੱਜਾਂ, ਵਕੀਲਾਂ ਅਤੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਇੱਕ ਆਜ਼ਾਦ ਕਮੇਟੀ ਬਣਾਈ ਜਾਵੇ, ਜੋ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਵੇ।
ਵਫ਼ਦ ਅਨੁਸਾਰ, ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਹੈੱਡ ਗ੍ਰੰਥੀ ਸਾਹਿਬ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕੋਈ ਠੋਸ ਕਦਮ ਨਾ ਚੁੱਕਿਆ ਗਿਆ, ਤਾਂ ਸਮੂਹ ਜਥੇਬੰਦੀਆਂ ਵੱਲੋਂ ਸੰਗਤ ਦੇ ਹੱਕਾਂ ਦੀ ਰਾਖੀ ਅਤੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਇੱਕ ‘ਪਬਲਿਕ ਕਮਿਸ਼ਨ’ ਬਣਾਉਣ ਦਾ ਐਲਾਨ ਕੀਤਾ ਜਾਵੇਗਾ।
ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪਾਰਦਰਸ਼ਤਾ ਅਤੇ ਨਿਰਪੱਖ ਜਾਂਚ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਸਿੱਖ ਸੰਗਤ ਨੂੰ ਸਹੀ ਤੱਥਾਂ ਦੀ ਜਾਣਕਾਰੀ ਮਿਲ ਸਕੇ ਅਤੇ ਸੰਸਥਾਵਾਂ ਪ੍ਰਤੀ ਭਰੋਸਾ ਬਣਿਆ ਰਹੇ।
ਰਿਪੋਰਟ: ਅਮਿਤ ਨੱਖਵਾਲ
Related