ਪੰਜਾਬ ਵਿਚ ਮਾਨ ਸਰਕਾਰ ਦੇ ਫੈਸਲਿਆਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਦੋ ਸਾਲਾਂ ਵਿਚ ਸੂਬੇ ਵਿੱਚ 64 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਕਰੀਬ 4 ਹਜ਼ਾਰ ਉਦਯੋਗਿਕ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ। ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਪ੍ਰਮੁੱਖ ਰੂਪ ਵਿਚ ਉਦਯੋਗਿਕ ਵਿਕਾਸ ਹੋ ਰਿਹਾ ਹੈ।
ਇਨਵੈਸਟ ਪੰਜਾਬ ਵਲੋਂ ਜਾਰੀ ਅੰਕੜਿਆਂ ਅਨੁਸਾਰ ਸੂਬੇ ਵਿਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਨਾ ਸਿਰਫ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਕੰਪਨੀਆਂ ਵੀ ਇਸ ‘ਚ ਦਿਲਚਸਪੀ ਦਿਖਾ ਰਹੀਆਂ ਹਨ। ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ 2600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਸਟੀਲ ਪਲਾਂਟ ਲਈ ਸਾਰੀਆਂ ਪਰਮਿਸ਼ਨਾਂ ਜਾਰੀ ਹੋ ਚੁੱਕੀਆਂ ਹਨ ਅਤੇ ਹੁਣ ਸਿਰਫ਼ ਪਲਾਂਟ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਹ ਸਾਲ 2025 ਤੱਕ ਪੂਰਾ ਹੋਣਾ ਤੈਅ ਹੈ।
ਇਸ ਨਾਲ 500 ਲੋਕਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਵਿਭਾਗ ਨੇ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਜਾਰੀ ਕੀਤੀ ਹੈ। ਇਸ ਤਹਿਤ ਸੂਬੇ ਵਿੱਚ ਗਲੋਬਲ ਵੈਲਿਊ ਚੇਨ ਨੂੰ ਅੱਗੇ ਲਿਜਾਣ ਦੇ ਨਾਲ-ਨਾਲ ਪੰਜ ਸਾਲਾਂ ਵਿੱਚ 5 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਮਿੱਥਿਆ ਗਿਆ ਹੈ। ਨੀਤੀ ਤਹਿਤ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਅਤੇ ਹੁਨਰ ਰਾਹੀਂ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਵਿੱਚ 15 ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਨੀਤੀ ਨਿਰਮਾਣ ਅਤੇ ਸੇਵਾ ਉਦਯੋਗਾਂ ਦੇ ਵੱਖ-ਵੱਖ ਖੇਤਰਾਂ ਵਿਚ ਘੱਟੋ-ਘੱਟ ਇਕ ਐਂਕਰ ਯੂਨਿਟ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਾਂ ਨੂੰ 5 ਸਾਲਾਂ ਲਈ ਕਿਫਾਇਤੀ ਅਤੇ ਸਥਿਰ ਦਰਾਂ ‘ਤੇ ਬਿਜਲੀ ਪ੍ਰਦਾਨ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।