ਫਰੀਦਕੋਟ (ਵਿਪਨ ਕੁਮਾਰ ਮਿਤੱਲ):- ਝੋਨੇ ਅਤੇ ਬਾਸਮਤੀ ਦੀ ਵਾਢੀ ਦਾ ਸੀਜ਼ਨ ਜ਼ੋਰਾਂ ‘ਤੇ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਵਾਰ ਪੂਰੀ ਸਖ਼ਤੀ ਨਾਲ ਪਰਾਲੀ ਸਾੜਨ ਦੇ ਮੁੱਦੇ ਨੂੰ ਵਿਚਾਰ ਰਿਹਾ ਹੈ। ਇਸ ਵਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਪ੍ਰਸ਼ਾਸਨ ਵੱਲੋਂ ਕੋਈ ਿਢੱਲ ਨਹੀਂ ਕੀਤੀ ਜਾਵੇਗੀ ਅਤੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨਾਲ ਪੂਰੇ ਤਾਲਮੇਲ ਨਾਲ ਕੰਮ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਵਾਤਾਵਰਨ ਗੰਧਲਾ ਕਰਨ ਦੇ ਦੋਸ਼ ਹੇਠ ਸਖਤ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ ਅਤੇ ਉਨ੍ਹਾਂ ਦੇ ਲੈਂਡ ਰਿਕਾਰਡ ਵਿੱਚ ਲਾਲ ਇੰਦਰਾਜ (ਰੈੱਡ ਐਂਟਰੀ) ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਆਪਣੀ ਜ਼ਮੀਨ ਨਾਲ ਸਬੰਧਿਤ ਲਾਭ ਲੈਣੇ ਮੁਸ਼ਕਿਲ ਹੋ ਜਾਣਗੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੱਸਿਆ ਕਿ ਸਾਰੇ ਸੈਟੇਲਾਈਟਾਂ ਦੀ ਖੇਤਾਂ ‘ਤੇ ਨਿਗਾਹ ਹੈ, ਜੋ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤਕ ਖੇਤਾਂ ‘ਚ ਲਾਈ ਗਈ ਅੱਗ ਦੀ ਲਗਾਤਾਰ ਰਿਪੋਰਟ ਕਰ ਰਹੇ ਹਨ।ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੀ ਆਪਣੀਆਂ ਸਰਗਰਮੀਆਂ ਰਾਹੀਂ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਰਿਹਾ ਹੈ ਅਤੇ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਜਨ ਲਹਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਣ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਮੁਤਾਬਿਕ ਸਨਮਾਨਿਤ ਕਰ ਕੇ ਉਤਸ਼ਾਹਿਤ ਵੀ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਹੈਲਪ ਡੈਸਕ ਖੋਲੇ ਗਏ ਹਨ ਅਤੇ ਟੋਲ ਫਰੀ ਨੰਬਰ ਦਿੱਤੇ ਹੋਏ ਹਨ ਅਤੇ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਕਿਰਾਏ ਵਾਲੀ ਮਸ਼ੀਨਰੀ ਦੇ ਬੋਰਡ ਵੀ ਲਾਏ ਗਏ ਹਨ, ਜਿਨ੍ਹਾਂ ਦੀ ਸਹਾਇਤਾ ਨਾਲ ਕਿਸਾਨ ਕੋਈ ਵੀ ਮਸ਼ੀਨ ਕਿਰਾਏ ‘ਤੇ ਲੈ ਸਕਦਾ ਹੈ।