ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਦਰਅਸਲ, ਪੱਛਮੀ ਗੜਬੜੀ ਸਰਗਰਮ ਹੈ। ਜਿਸ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਅਤੇ ਬਰਫਬਾਰੀ ਹੋਈ। ਜਿਸ ਕਾਰਨ ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।
ਹੁਣ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਰ 11 ਦਸੰਬਰ ਤੋਂ ਠੰਢ ਤੁਹਾਨੂੰ ਪਰੇਸ਼ਾਨ ਕਰੇਗੀ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਜ਼ਿਲਿਆਂ ‘ਚ ਬਰਫਬਾਰੀ ਹੋ ਰਹੀ ਹੈ। ਠੰਢੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਨੂੰ ਅਤੇ ਇਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।