
Skip to content

ਵਾਸ਼ਿੰਗਟਨ/ਅਮਿਤ ਨਖਵਾਲ: ਅਮਰੀਕੀ ਸੰਘੀ ਜਾਂਚ ਬਿਊਰੋ (ਐਫ.ਬੀ.ਆਈ.) ਨੇ ਭਾਰਤੀ ਨਾਗਰਿਕ ਹਰਮਨਵੀਰ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਫ.ਬੀ.ਆਈ. ਮੁਤਾਬਕ ਹਰਮਨਵੀਰ ਸਿੰਘ ‘ਤੇ ਕੈਨੇਡਾ ਸਥਿਤ ਰਵਿੰਦਰ ਢਾਂਡਾ ਦੇ ਅੰਤਰਰਾਸ਼ਟਰੀ ਗਿਰੋਹ ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ।
ਐਫ.ਬੀ.ਆਈ. ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਹਾਰਡਬਾਲ’ ਤਹਿਤ ਕੀਤੀ ਜਾ ਰਹੀ ਹੈ। ਇਸ ਅੰਤਰਰਾਸ਼ਟਰੀ ਮੁਹਿੰਮ ਦਾ ਉਦੇਸ਼ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਰਵਿੰਦਰ ਢਾਂਡਾ ਨਾਲ ਜੁੜੇ ਸੰਗਠਿਤ ਅਪਰਾਧਿਕ ਨੈੱਟਵਰਕਾਂ ‘ਤੇ ਸ਼ਿਕੰਜਾ ਕੱਸਣਾ ਹੈ।
ਐਫ.ਬੀ.ਆਈ. ਦੇ ਬਿਆਨ ਅਨੁਸਾਰ ਹਰਮਨਵੀਰ ਸਿੰਘ ‘ਤੇ ਵਿਦੇਸ਼ਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਉਨ੍ਹਾਂ ਨੂੰ ਸਟੋਰ ਕਰਨ ਅਤੇ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਣ ਲਈ ਸਾਜ਼ਿਸ਼ ਰਚਣ ਦੇ ਦੋਸ਼ ਹਨ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਰਵਿੰਦਰ ਢਾਂਡਾ ਵੈਨਕੂਵਰ (ਕੈਨੇਡਾ) ਤੋਂ ਇੱਕ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਚਲਾਉਂਦਾ ਹੈ, ਜੋ ਕਥਿਤ ਤੌਰ ‘ਤੇ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਸਰਗਰਮ ਨਸ਼ਾ ਤਸਕਰ ਗਿਰੋਹਾਂ ਨੂੰ ਵੱਡੀ ਮਾਤਰਾ ਵਿੱਚ ਕੋਕੀਨ ਅਤੇ ਮੈਥਾਮਫੇਟਾਮਾਈਨ ਸਪਲਾਈ ਕਰਦਾ ਹੈ।
ਹਰਮਨਵੀਰ ਸਿੰਘ ਖ਼ਿਲਾਫ਼ ਲਾਸ ਏਂਜਲਸ ਦੀ ਸੰਘੀ ਅਦਾਲਤ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਦਾਲਤ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਵਾਰੰਟ ਵੀ ਜਾਰੀ ਕੀਤਾ ਜਾ ਚੁੱਕਾ ਹੈ।
ਗੌਰਤਲਬ ਹੈ ਕਿ ਇਸੇ ਮਹੀਨੇ ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸਾਂਝੀ ਕਾਰਵਾਈ ਦੌਰਾਨ ਭਾਰਤ ਨਾਲ ਸਬੰਧਤ ਤਿੰਨ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟਾਂ ਦੇ 24 ਸ਼ੱਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਮੁਹਿੰਮ ਦਾ ਹਿੱਸਾ ਮੰਨੀ ਜਾ ਰਹੀ ਹੈ।
ਰਿਪੋਰਟ: ਅਮਿਤ ਨਖਵਾਲ

Related