
Skip to content

ਚੰਡੀਗੜ੍ਹ (ਅਮਿਤ ਨੱਖਵਾਲ): ਪੰਜਾਬ ਦੇ ਚਰਚਿਤ ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਮਾਮਲੇ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਸਮੇਤ ਤਿੰਨ ਸੇਵਾਮੁਕਤ IAS ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸਤ੍ਰਿਤ ਜਾਂਚ ਵਿੱਚ ਇਨ੍ਹਾਂ ਅਧਿਕਾਰੀਆਂ ਵਿਰੁੱਧ ਦੋਸ਼ ਸਾਬਤ ਕਰਨ ਲਈ ਕੋਈ ਠੋਸ ਸਬੂਤ ਨਹੀਂ ਮਿਲਿਆ।
ਵਿਜੀਲੈਂਸ ਬਿਊਰੋ ਨੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ KBS ਸਿੱਧੂ ਅਤੇ ਸਾਬਕਾ ਸਿੰਚਾਈ ਸਕੱਤਰ ਕਾਹਨ ਸਿੰਘ ਪੰਨੂ ਨੂੰ ਵੀ ਜਾਂਚ ਵਿੱਚ ਬਰੀ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸਟੇਟਸ ਰਿਪੋਰਟ ਤੋਂ ਸਾਹਮਣੇ ਆਈ ਹੈ।
ਦੱਸਿਆ ਗਿਆ ਹੈ ਕਿ 15 ਮਈ ਨੂੰ ਹਾਈ ਕੋਰਟ ਨੇ ਰਾਜ ਸਰਕਾਰ ਨੂੰ 15 ਦਿਨਾਂ ਦੇ ਅੰਦਰ ਜਾਂਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਹੁਕਮ ਇਸ ਲਈ ਦਿੱਤਾ ਸੀ ਕਿਉਂਕਿ ਤਿੰਨ ਅਧਿਕਾਰੀਆਂ ਵਿਰੁੱਧ ਜਾਂਚ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਪਈ ਸੀ।
1,000 ਤੋਂ 1,200 ਕਰੋੜ ਦੇ ਪ੍ਰੋਜੈਕਟਾਂ ਨਾਲ ਜੁੜਿਆ ਸੀ ਮਾਮਲਾ
ਇਹ ਮਾਮਲਾ ਸਾਲ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੰਚਾਈ ਵਿਭਾਗ ਨਾਲ ਸਬੰਧਤ ਜਲ ਪ੍ਰੋਜੈਕਟਾਂ ਦੀ ਵੰਡ ਨਾਲ ਜੁੜਿਆ ਹੋਇਆ ਸੀ। ਦੋਸ਼ ਲਗਾਇਆ ਗਿਆ ਸੀ ਕਿ ਕਰੀਬ 1,000 ਤੋਂ 1,200 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਟੈਂਡਰ ਮੁੱਖ ਠੇਕੇਦਾਰ ਗੁਰਿੰਦਰ ਸਿੰਘ ਨੂੰ ਫਾਇਦਾ ਪਹੁੰਚਾਉਣ ਲਈ ਤਿਆਰ ਕੀਤੇ ਗਏ ਸਨ।
ਸ਼ਿਕਾਇਤ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕੁਝ ਸਿਆਸੀ ਹਸਤੀਆਂ ਵਿਚਕਾਰ ਕਥਿਤ ਮਿਲੀਭੁਗਤ ਦੇ ਦੋਸ਼ ਵੀ ਲਗਾਏ ਗਏ ਸਨ। ਇਸ ਕਾਰਨ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਣ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ, ਵਿਜੀਲੈਂਸ ਦੀ ਜਾਂਚ ਦੌਰਾਨ ਉਕਤ ਸੇਵਾਮੁਕਤ IAS ਅਧਿਕਾਰੀਆਂ ਵਿਰੁੱਧ ਦੋਸ਼ ਸਾਬਤ ਕਰਨ ਲਈ ਠੋਸ ਸਬੂਤ ਨਾ ਮਿਲਣ ਦੀ ਗੱਲ ਸਟੇਟਸ ਰਿਪੋਰਟ ਵਿੱਚ ਸਾਹਮਣੇ ਆਈ ਹੈ।
ਰਿਪੋਰਟ: ਅਮਿਤ ਨੱਖਵਾਲ

Related