ਮਾਲੇਰਕੋਟਲਾ 21 ਜੂਨ ( ਪ੍ਰਵੀਨ ਕੁਮਾਰ)
ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਸਾਨੂੰ ਸਾਰਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਹਰ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ । ਆਮ ਲੋਕਾਂ ਦੇ ਰੋਜ਼ਮੱਰਾ ਦੇ ਕੰਮਾਂ ਨੂੰ ਸਮਾਂਬੱਧ ਅਤੇ ਤੁਰੰਤ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸਨਰ ਡਾ ਪੱਲਵੀ ਨੇ ਸਥਾਨਕ ਦਫ਼ਤਰ ਵਿਖੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੀਤੇ । ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ,ਐਸ.ਡੀ.ਐਮ.ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ.,ਐਸ.ਡੀ.ਐਮ.ਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ.ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ,ਜਿਲਾ ਮਾਲ ਅਫਸਰ ਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿਖੇ ਰੋਜ਼ਮਰਾ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਆਉਂਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ ਇਸ ਲਈ ਉਨ੍ਹਾਂ ਦੇ ਯੋਗ ਕੰਮ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ ‘ਤੇ ਨੇਪਰੇ ਚਾੜ੍ਹਨ ਨੂੰ ਤਰਜੀਹ ਦੇਣ ਅਤੇ ਆਪਣੇ ਆਪਣੇ ਦਫ਼ਤਰ ਵਿਖੇ ਨਿਰਧਾਰਿਤ ਸਮੇਂ ਤਹਿਤ ਮਿਲਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਿੱਜੀ ਤੌਰ ਤੇ ਸੁਣਨ ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਆਪੋ-ਆਪਣੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ। ਇਸ ਲਈ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।