ਪੂਰੇ ਦੇਸ਼ ਵਿੱਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਲੂ ਕਾਰਨ ਲੋਕਾਂ ਦਾ ਬਹੁਤ ਜ਼ਿਆਦਾ ਬੁਰਾ ਹਾਲ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 48 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ । ਅਜਿਹੇ ਵਿੱਚ ਮੌਸਮ ਵਿਭਾਗ ਨੇ ਲੋਕਾਂ ਨੂੰ ਰਾਹਤ ਦੀ ਖਬਰ ਦਿੱਤੀ ਹੈ । ਦਰਅਸਲ, ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਵਿੱਚ ਅਗਲੇ ਤਿੰਨ ਦਿਨਾਂ ਤੱਕ ਤੂਫਾਨ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਹਾਲਾਂਕਿ ਇਸ ਦੌਰਾਨ ਪੱਛਮੀ ਯੂਪੀ ਵਿੱਚ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ ।

    ਮੌਸਮ ਵਿਭਾਗ ਮੁਤਾਬਕ ਪੂਰਬੀ ਯੂਪੀ ਵਿੱਚ ਪੱਛਮੀ ਗੜਬੜੀ ਦੇ ਕਾਰਨ 23 ਮਈ ਤੋਂ ਅਗਲੇ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 25 ਤੋਂ 28 ਮਈ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਸਾਲ ਯੂਪੀ ਵਿੱਚ ਗਰਮੀ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ । ਜਿਸ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਤੱਕ ਪਹੁੰਚ ਗਿਆ ਹੈ । ਉੱਥੇ ਹੀ ਸੂਬੇ ਦਾ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਤੋਂ ਵੱਧ ਹੈ ।

    ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਵਿੱਚ ਗੜਬੜੀ ਵੱਧ ਗਈ ਹੈ। ਜਿਸ ਕਾਰਨ ਓਡੀਸ਼ਾ, ਪੱਛਮੀ ਬੰਗਾਲ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦਾ ਅਸਰ ਝਾਰਖੰਡ ਅਤੇ ਬਿਹਾਰ ਵਿੱਚ ਦੇਖਿਆ ਜਾ ਸਕਦਾ ਹੈ। ਉੱਥੇ ਹੀ ਦੂਜੇ ਪਾਸੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ।