
Skip to content

‘ਸਤਲੁਜ’ ਫ਼ਿਲਮ ‘ਤੇ ਰੋਕ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨਿੰਦਾ, ਕਿਹਾ– ਸੱਚ ਨੂੰ ਦਬਾਇਆ ਨਹੀਂ ਜਾ ਸਕਦਾ
ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਦੇ ਭਾਰਤ ਵਿੱਚ ਪ੍ਰਸਾਰਣ ‘ਤੇ ਰੋਕ ਲਗਾਉਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਅਤੇ ਗੈਰ-ਸੰਵਿਧਾਨਕ ਕਾਰਵਾਈ ਕਰਾਰ ਦਿੱਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਦੁਨੀਆ ਭਰ ਵਿੱਚ ਮਨੁੱਖੀ ਅਧਿਕਾਰਾਂ ਅਤੇ ਵਿਚਾਰ ਪ੍ਰਗਟ ਕਰਨ ਦੀ ਅਜ਼ਾਦੀ ਦੀ ਗੱਲ ਕੀਤੀ ਜਾਂਦੀ ਹੈ, ਤਾਂ ਸਿੱਖਾਂ ਵਿਰੁੱਧ ਹੋਏ ਕਥਿਤ ਤਸ਼ੱਦਦ ਨੂੰ ਦਰਸਾਉਣ ਵਾਲੀ ਫ਼ਿਲਮ ਨੂੰ ਰੋਕਣਾ ਉਚਿਤ ਨਹੀਂ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ 1990 ਦੇ ਦਹਾਕੇ ਦੌਰਾਨ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਹੋਏ ਨੌਜਵਾਨਾਂ ਦੇ ਮਾਮਲੇ ਦੁਨੀਆ ਸਾਹਮਣੇ ਲਿਆਉਣ ਲਈ ਵੱਡਾ ਸੰਘਰਸ਼ ਕੀਤਾ ਸੀ।
ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਨਾਲ ਜੁੜੇ ਇੱਕ ਮਹੱਤਵਪੂਰਨ ਅਧਿਆਇ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਜਥੇਦਾਰ ਨੇ ਦਲੀਲ ਦਿੱਤੀ ਕਿ ਜੇਕਰ ਹੋਰ ਭਾਈਚਾਰਿਆਂ ਨਾਲ ਜੁੜੀਆਂ ਘਟਨਾਵਾਂ ‘ਤੇ ਬਣੀਆਂ ਫ਼ਿਲਮਾਂ ਦਾ ਪ੍ਰਸਾਰਣ ਹੋ ਸਕਦਾ ਹੈ, ਤਾਂ ਸਿੱਖਾਂ ਨਾਲ ਜੁੜੇ ਇਤਿਹਾਸਕ ਮਸਲਿਆਂ ‘ਤੇ ਆਧਾਰਿਤ ਫ਼ਿਲਮਾਂ ਨੂੰ ਰੋਕਣਾ ਠੀਕ ਨਹੀਂ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ‘ਸਤਲੁਜ’ ਫ਼ਿਲਮ ਦੇ ਪ੍ਰਸਾਰਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਲੋਕ ਸੱਚਾਈ ਨਾਲ ਜਾਣੂ ਹੋ ਸਕਣ। ਨਾਲ ਹੀ ਕਿਹਾ ਕਿ ਜੂਨ 1984 ਤੋਂ ਬਾਅਦ ਦੇ ਦੌਰ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੂੰ ਗੰਭੀਰ ਅਤੇ ਸੁਹਿਰਦ ਪਹੁੰਚ ਅਪਣਾਉਂਦਿਆਂ ਸਿੱਖ ਭਾਈਚਾਰੇ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ।
ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਅਦਾਲਤਾਂ ਦੇ ਫ਼ੈਸਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਹਾਲਾਤ ਵਿੱਚ ਸਿੱਖਾਂ ਨਾਲ ਜੁੜੀਆਂ ਘਟਨਾਵਾਂ ਨੂੰ ਦਰਸਾਉਣ ਵਾਲੀ ਫ਼ਿਲਮ ਨੂੰ ਰੋਕਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Related