
Skip to content

ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਭੋਗਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਧੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਮ੍ਰਿਤਕਾਂ ਦੀ ਪਛਾਣ ਪਿੰਕੀ (ਪਤਨੀ ਯਾਵਿਦ) ਅਤੇ ਉਸ ਦੀ ਧੀ ਯੋਇਦਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਅਣਪਛਾਤੀ ਬੱਸ ਨੇ ਸੜਕ ਪਾਰ ਕਰ ਰਹੀ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰੇਹੜੀ ਪਲਟ ਗਈ ਅਤੇ ਉਸ ਵਿੱਚ ਸਵਾਰ ਪਿੰਕੀ ਅਤੇ ਉਸ ਦੀ ਧੀ ਯੋਇਦਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਰੋਡ ਸੇਫਟੀ ਫੋਰਸ ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 4:30 ਵਜੇ ਹਾਦਸੇ ਦੀ ਸੂਚਨਾ ਮਿਲਣ ‘ਤੇ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਅਣਪਛਾਤੀ ਬੱਸ ਜੁਗਾੜੂ ਰੇਹੜੀ ਨਾਲ ਟਕਰਾ ਗਈ ਸੀ।
ਹਾਦਸੇ ਵਿੱਚ ਜ਼ਖ਼ਮੀ ਹੋਈ ਆਬਿਦਾ (ਧੀ ਯਾਵਿਦ) ਨੂੰ ਤੁਰੰਤ ਐਂਬੂਲੈਂਸ ਰਾਹੀਂ ਕਾਲਾ ਬਕਰਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਬੱਸ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਸੜਕ ਸੁਰੱਖਿਆ ਟੀਮ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਅਤੇ ਭੋਗਪੁਰ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਜਾਂਚ ਅਧਿਕਾਰੀ ਏਐਸਆਈ ਸਲਿੰਦਰ ਸਿੰਘ ਅਤੇ ‘112’ ਐਮਰਜੈਂਸੀ ਰਿਸਪਾਂਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Related