
Skip to content

ਜਲੰਧਰ ਕੈਂਟ (ਅਰਸ਼ਦੀਪ ਸਿੰਘ ਕਾਲੜਾ) :- ਜਲੰਧਰ ਕੈਂਟ ਤੋਂ ਕੁਝ ਦਿਨ ਪਹਿਲਾਂ ਲਾਪਤਾ ਹੋਏ ਇੱਕ ਨੌਜਵਾਨ ਦੀ ਲਾਸ਼ ਕੈਂਟੋਨਮੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ ਵਿੱਚ ਕੂੜੇ ਦੇ ਢੇਰ ਹੇਠੋਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮੁਹੱਲਾ ਨੰਬਰ 15 ਦੇ ਰਹਿਣ ਵਾਲੇ ਨੌਜਵਾਨ ਵਜੋਂ ਹੋਈ ਹੈ, ਜੋ ਡੀਜੇ ਦਾ ਕੰਮ ਕਰਦਾ ਸੀ।
ਮਿਲੀ ਜਾਣਕਾਰੀ ਮੁਤਾਬਕ, ਨੌਜਵਾਨ ਦੇ ਲਾਪਤਾ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਪੁਲਿਸ ਲਗਾਤਾਰ ਉਸ ਦੀ ਭਾਲ ਕਰ ਰਹੀ ਸੀ। ਜਾਂਚ ਦੌਰਾਨ ਪੁਲਿਸ ਨੂੰ ਕੰਪੋਸਟਿੰਗ ਗਰਾਊਂਡ ਵਿੱਚ ਕੂੜੇ ਦੇ ਢੇਰ ਹੇਠੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ।
ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮੁੱਢਲੀ ਜਾਂਚ ਮੁਤਾਬਕ, ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਗੰਭੀਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਤਲ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦੇ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਨਾਲ ਜੁੜੇ ਹੋਰ ਤੱਥਾਂ ਦਾ ਖੁਲਾਸਾ ਕੀਤਾ ਜਾਵੇਗਾ।

Related