
Skip to content

ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਸ਼ਹਿਰ ਦੇ ਮਸ਼ਹੂਰ ਚਾਵਲਾ ਮੋਬਾਈਲ ਪੁਆਇੰਟ ਦੇ ਬਾਹਰ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਦੋ ਨੌਜਵਾਨਾਂ ਨੇ ਦੁਕਾਨ ਦੇ ਬਾਹਰ ਗੋਲੀਆਂ ਚਲਾਈਆਂ, ਜਿਸ ਕਾਰਨ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ। ਘਟਨਾ ਤੋਂ ਬਾਅਦ ਇੱਕ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਦੂਜੇ ਨੂੰ ਲੋਕਾਂ ਨੇ ਕਾਬੂ ਕਰਕੇ ਉਸ ਦੀ ਕੁੱਟਮਾਰ ਕਰ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਭਾਰਗਵ ਕੈਂਪ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕਾਬੂ ਕੀਤੇ ਗਏ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਕੁੱਟਮਾਰ ਕਾਰਨ ਉਹ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਚਾਵਲਾ ਮੋਬਾਈਲ ਪੁਆਇੰਟ ਦੇ ਮਾਲਕ ਨੂੰ ਪਿਛਲੇ ਕਈ ਹਫ਼ਤਿਆਂ ਤੋਂ 50 ਲੱਖ ਰੁਪਏ ਦੀ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਸਨ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਬਾਰੀ ਦੇ ਅਸਲ ਕਾਰਨਾਂ ਦੀ ਪੁਸ਼ਟੀ ਅਜੇ ਨਹੀਂ ਹੋਈ।
ਦਿਨ-ਦਿਹਾੜੇ ਵਾਪਰੀ ਇਸ ਵਾਰਦਾਤ ਤੋਂ ਨਾਰਾਜ਼ ਵਪਾਰੀਆਂ ਨੇ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ ਅਤੇ ਫਰਾਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
Related