ਨਵੀਨ ਪੁਰੀ/ਜਲੰਧਰ, 25 ਅਗਸਤ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਪੰਜਾਬ ਦੇ ਦੋ ਰੋਜ਼ਾ ਦੌਰੇ ਦੌਰਾਨ ਜਲੰਧਰ ਜ਼ੋਨ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

    ਬੀ.ਐਲ. ਸੰਤੋਸ਼ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਨੇ ਪੰਜਾਬ ਨੂੰ ਹਰ ਪੱਖੋਂ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਗੰਭੀਰ ਹੋਈ ਹੈ, ਜਦਕਿ ਕਾਂਗਰਸ ਵੀ ਵਿਰੋਧੀ ਧਿਰ ਦੀ ਭੂਮਿਕਾ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਭਾਜਪਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣੇਗੀ।

    ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪੁਰਾਣੇ ਤੇ ਨਵੇਂ ਸਾਥੀਆਂ ਨੂੰ ਨਾਲ ਲੈ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਹਰ ਬੂਥ ’ਤੇ ਸਰਗਰਮ ਕਮੇਟੀਆਂ ਬਣਾਉਣ ਅਤੇ ਭਾਜਪਾ ਦੀ ਵਿਚਾਰਧਾਰਾ, ਸੰਦੇਸ਼ ਤੇ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ।

    ਬੀ.ਐਲ. ਸੰਤੋਸ਼ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਲਗਭਗ ਪੰਜ ਮਹੀਨਿਆਂ ਦਾ ਸਮਾਂ ਬਾਕੀ ਹੈ ਅਤੇ ਇਸ ਦੌਰਾਨ ਪਾਰਟੀ ਦੀ ਮਜ਼ਬੂਤ ਟੀਮ ਤਿਆਰ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ, ਭਾਜਪਾ ਦੀ ਵਿਚਾਰਧਾਰਾ ਅਤੇ ਵਰਕਰਾਂ ਦੀ ਮਜ਼ਬੂਤ ਤਾਕਤ ਦੇ ਆਧਾਰ ’ਤੇ ਪਾਰਟੀ ਨੂੰ ਅੱਗੇ ਵਧਾਇਆ ਜਾਵੇਗਾ।

    ਉਨ੍ਹਾਂ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਸਬੰਧੀ ‘ਸਮਰਸਤਾ ਸੰਕਲਪ ਅਭਿਆਨ’ ਦੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਵੀ ਦਿੱਤਾ।

    ਇਸ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀ.ਐਲ. ਸੰਤੋਸ਼ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਨਾਲ ਪਾਰਟੀ ਵਰਕਰਾਂ ਵਿੱਚ ਨਵੀਂ ਊਰਜਾ ਪੈਦਾ ਹੋ ਰਹੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਨੂੰ ਕਰਜ਼ੇ, ਨਸ਼ਿਆਂ ਅਤੇ ਵਿਗੜੀ ਕਾਨੂੰਨ-ਵਿਵਸਥਾ ਵੱਲ ਧੱਕਣ ਦੇ ਦੋਸ਼ ਲਗਾਏ।

    ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਦਿਨ-ਰਾਤ ਮਿਹਨਤ ਕਰਨ ਅਤੇ ਹਰ ਪਾਰਟੀ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਮਜ਼ਬੂਤ ਕਰਨ ਵਾਸਤੇ ਸਾਰੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ।