ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦੇਸ਼ ਭਰ ਅਤੇ ਪੰਜਾਬ ਵਿੱਚ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਲਗਾਤਾਰ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ ਕਿਉਂਕਿ ਵਿਧਾਨ ਸਭਾ ਚੋਣਾਂ 2022 ਦੌਰਾਨ ਆਮ ਆਦਮੀ ਪਾਰਟੀ ਵੱਲੋਂ ਯੂਨੀਅਨ ਨਾਲ ਇਹ ਵਾਅਦਾ ਕੀਤਾ ਗਿਆ ਸੀ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਜਾਵੇਗੀ ਪਰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਜਾਣ ਉਪਰੰਤ ਵੀ ਸੂਬਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਅਜੇ ਤੱਕ ਬਹਾਲ ਨਹੀਂ ਕੀਤੀ ਗਈ। ਜਿਸ ਕਾਰਨ ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਪੰਜਾਬ ਭਰ ਵਿੱਚ ਵਿਰੋਧ ਕੀਤਾ ਗਿਆ ਸੀ। ਪਰ ਸਰਕਾਰ ਵੱਲੋਂ ਅਜੇ ਤੱਕ ਵੀ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਲਾਗੂ ਕਰਨ ਤੋਂ ਟਾਲ ਮਟੋਲ ਕੀਤੀ ਜਾ ਰਹੀ। ਜਿਸ ਕਾਰਨ ਯੂਨੀਅਨ ਵੱਲੋਂ 27 ਜੂਨ 2024 ਨੂੰ ਜਲੰਧਰ ਵੈਸਟ ਹਲਕੇ ਵਿੱਚ ਸੂਬਾ ਪੱਧਰੀ ਝੰਡਾ ਮਾਰਚ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨਾਲ ਕਲੱਬ ਕਬਾਨਾ ਹੋਟਲ ਵਿਖੇ ਮੀਟਿੰਗ ਹੋਈ ਪਰ ਮੀਟਿੰਗ ਵਿੱਚ ਸਰਕਾਰ ਵੱਲੋਂ ਕੋਈ ਹਾਂ ਪੱਖੀ ਜਵਾਬ ਨਾ ਆਉਣ ਕਾਰਨ ਯੂਨੀਅਨ ਵੱਲੋਂ ਅਗਲਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਵਿੱਚ ਸੀਪੀਐਫ ਕਰਮਚਾਰੀ ਯੂਨੀਅਨ ਅਤੇ ਸਾਰੀਆਂ ਭਰਾਤਰੀ ਜਥੇਬੰਦੀਆਂ ਦੇ ਮੁਲਾਜ਼ਮ ਜਲੰਧਰ ਵੈਸਟ ਹਲਕੇ ਵਿੱਚ ਸਵੇਰੇ ਅਤੇ ਸ਼ਾਮ ਵੱਖ ਵੱਖ ਟੀਮਾਂ ਰਾਹੀਂ ਲੋਕਾਂ ਨੂੰ ਸਰਕਾਰ ਵੱਲੋਂ ਮੁਲਾਜ਼ਮਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ, ਝੂਠੀਆਂ ਗਰੰਟੀਆਂ ਤੋਂ ਜਾਣੂ ਕਰਵਾਉਣਗੇ।
ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਜਲੰਧਰ ਵੈਸਟ ਹਲਕੇ ਵਿੱਚ ਰਹਿੰਦੇ ਅਤੇ ਕੰਮ ਕਰਦੇ ਮੁਲਾਜ਼ਮਾਂ ਅਤੇ ਪੈਨਸ਼ਨਾਂ ਦਾ ਗਰੁੱਪ ਤਿਆਰ ਕੀਤਾ ਗਿਆ ਹੈ ਜੋ ਜਲੰਧਰ ਵੈਸਟ ਹਲਕੇ ਵਿੱਚ ਇਸ ਪ੍ਰੋਗਰਾਮ ਨੂੰ ਨੇਪਰੇ ਚਾੜੇਗਾ। ਉਹਨਾਂ ਅੱਗੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਲਗਾਤਾਰ ਸੰਘਰਸ਼ ਕਰਦੀ ਰਹੇਗੀ।