
Skip to content

ਜਲੰਧਰ ‘ਚ ਸਿੱਖ ਜਥੇਬੰਦੀਆਂ ਨੇ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ, ਸਰਕਾਰ ਅੱਗੇ ਰੱਖੀਆਂ ਤਿੰਨ ਅਹਿਮ ਮੰਗਾਂ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਜਲੰਧਰ ਵਿੱਚ ਵੱਖ-ਵੱਖ ਸਿੱਖ ਪ੍ਰਤੀਨਿਧ ਜਥੇਬੰਦੀਆਂ ਨੇ ਏ.ਡੀ.ਸੀ. ਅਮਨਿੰਦਰ ਕੌਰ ਬਰਾੜ ਨੂੰ ਮੰਗ ਪੱਤਰ ਸੌਂਪ ਕੇ ਸਰਕਾਰ ਅੱਗੇ ਤਿੰਨ ਅਹਿਮ ਮੰਗਾਂ ਰੱਖੀਆਂ। ਜਥੇਬੰਦੀਆਂ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਹਟਾ ਕੇ ਇਸ ਨੂੰ ਦੁਬਾਰਾ ਓ.ਟੀ.ਟੀ. ਪਲੇਟਫਾਰਮ ‘ਤੇ ਰਿਲੀਜ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਬਿਨਾਂ ਕੋਈ ਸਪੱਸ਼ਟ ਕਾਰਨ ਦੱਸੇ ਫ਼ਿਲਮ ‘ਤੇ ਪਾਬੰਦੀ ਲਗਾਉਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸਾਂਝੇ ਤੌਰ ‘ਤੇ ਮੰਗ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ), ਇੰਟਰਨੈਸ਼ਨਲ ਪੰਥਕ ਦਲ, ਯੂਨਾਈਟਿਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਦੇ ਪ੍ਰਤੀਨਿਧ ਸ਼ਾਮਲ ਸਨ। ਜਥੇਬੰਦੀਆਂ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਸਰਕਾਰ ਸਿੱਖ ਭਾਈਚਾਰੇ ਨਾਲ ਜੁੜੇ ਲੰਬਿਤ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਏਗੀ ਅਤੇ ਦੋਸ਼ੀਆਂ ਖ਼ਿਲਾਫ਼ ਯੋਗ ਕਾਰਵਾਈ ਕਰੇਗੀ।
ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਪਹਿਲੀ ਮੰਗ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ, ਦੂਜੀ ਫ਼ਿਲਮ ‘ਸਤਲੁਜ’ ਤੋਂ ਪਾਬੰਦੀ ਹਟਾ ਕੇ ਉਸ ਨੂੰ ਮੁੜ ਓ.ਟੀ.ਟੀ. ‘ਤੇ ਰਿਲੀਜ਼ ਕਰਨ ਅਤੇ ਤੀਜੀ ਜਸਵੰਤ ਸਿੰਘ ਖਾਲੜਾ ਹੱਤਿਆਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਰੱਖੀ ਗਈ ਹੈ।
ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮੰਗਾਂ ‘ਤੇ ਜਲਦ ਸਕਾਰਾਤਮਕ ਫ਼ੈਸਲਾ ਲੈਣਾ ਚਾਹੀਦਾ ਹੈ, ਤਾਂ ਜੋ ਸਿੱਖ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਹੋ ਸਕੇ।

Related