ਫਗਵਾੜਾ ਦੌਰੇ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਂਟੀ ਦੇ ਸਖ਼ਤ ਨਿਰਦੇਸ਼
ਪੰਕਜ, ਮੁਨੀਸ਼ | ਫਗਵਾੜਾ
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਂਟੀ ਨੇ ਪੁਲਿਸ ਵਿਭਾਗ ਨੂੰ ਸੂਬੇ ਦੇ ਸਾਰੇ ਪੁਲਿਸ ਥਾਣਿਆਂ ਅਤੇ ਪੁਲਿਸ ਚੌਕੀਆਂ ਵਿੱਚ ਔਰਤਾਂ ਲਈ ਵੱਖਰੀ ਹਵਾਲਾਤ ਅਤੇ ਪਖਾਨਿਆਂ ਦੀ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦੀ ਸਮਾਂ-ਸੀਮਾ ਤੈਅ ਕੀਤੀ।
ਫਗਵਾੜਾ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਤਿੰਦਰ ਸਿੰਘ ਸ਼ੈਂਟੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰੇਕ ਪੁਲਿਸ ਥਾਣੇ ਅਤੇ ਚੌਕੀ ਵਿੱਚ ਔਰਤਾਂ ਲਈ ਵੱਖਰੀ ਹਵਾਲਾਤ ਅਤੇ ਪਖਾਨੇ ਹੋਣੇ ਲਾਜ਼ਮੀ ਹਨ। ਉਨ੍ਹਾਂ ਨੇ ਡੀਐੱਸਪੀ ਫਗਵਾੜਾ ਪਲਵਿੰਦਰ ਸਿੰਘ ਨੂੰ ਇਸ ਮਾਮਲੇ ਨੂੰ ਤੁਰੰਤ ਪੁਲਿਸ ਹੈੱਡਕੁਆਰਟਰ ਦੇ ਧਿਆਨ ਵਿੱਚ ਲਿਆਉਣ ਅਤੇ ਨਿਰਧਾਰਤ ਸਮੇਂ ਅੰਦਰ ਪ੍ਰਬੰਧ ਮੁਕੰਮਲ ਕਰਵਾਉਣ ਲਈ ਕਿਹਾ। ਇਸ ਦੇ ਨਾਲ ਹੀ ਪੁਲਿਸ ਥਾਣਿਆਂ ਅਤੇ ਟ੍ਰੈਫਿਕ ਵਿੰਗ ਵਿੱਚ ਮੁਲਾਜ਼ਮਾਂ ਦੀ ਘਾਟ ਸਬੰਧੀ ਵਿਸਥਾਰਪੂਰਵਕ ਰਿਪੋਰਟ ਵੀ ਮੰਗੀ।
ਹਸਪਤਾਲਾਂ ਨੂੰ ਮ੍ਰਿਤਕਾਂ ਦੀਆਂ ਲਾਸ਼ਾਂ ਬਕਾਇਆ ਬਿੱਲਾਂ ਕਾਰਨ ਨਾ ਰੋਕਣ ਦੇ ਨਿਰਦੇਸ਼
ਜਨਤਕ ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਹਸਪਤਾਲ ਵੱਲੋਂ ਬਕਾਇਆ ਬਿੱਲਾਂ ਦਾ ਭੁਗਤਾਨ ਨਾ ਹੋਣ ਕਾਰਨ ਮ੍ਰਿਤਕ ਮਰੀਜ਼ ਦੀ ਲਾਸ਼ ਨੂੰ ਰੋਕ ਕੇ ਨਹੀਂ ਰੱਖਿਆ ਜਾਣਾ ਚਾਹੀਦਾ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਰੇ ਹਸਪਤਾਲਾਂ ਵਿੱਚ ਸੱਤ ਦਿਨਾਂ ਦੇ ਅੰਦਰ ਪ੍ਰਮੁੱਖ ਥਾਵਾਂ ’ਤੇ ਫਲੈਕਸ ਬੋਰਡ ਅਤੇ ਪੋਸਟਰ ਲਗਾਉਣ ਲਈ ਕਿਹਾ।
ਉਨ੍ਹਾਂ ਨੇ ਸੀਨੀਅਰ ਮੈਡੀਕਲ ਅਧਿਕਾਰੀ ਨੂੰ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ, ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਡਾਇਲਸਿਸ ਸਹੂਲਤਾਂ, ਐਂਬੂਲੈਂਸ, ਬਲੱਡ ਬੈਂਕ ਅਤੇ ਮੁਰਦਾਘਰ ਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਐਮਰਜੈਂਸੀ ਵਾਰਡਾਂ ਅਤੇ ਪਖਾਨਿਆਂ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ’ਤੇ ਜ਼ੋਰ ਦਿੱਤਾ।
ਸਿਵਲ ਹਸਪਤਾਲ ਦੀ ਜਾਂਚ ਲਈ ਬਣੇਗੀ ਕੋਰ ਕਮੇਟੀ
ਸ਼ੈਂਟੀ ਨੇ ਸੀਨੀਅਰ ਅਧਿਕਾਰੀਆਂ ਦੀ ਕੋਰ ਕਮੇਟੀ ਨੂੰ ਫਗਵਾੜਾ ਸਿਵਲ ਹਸਪਤਾਲ ਦਾ ਦੌਰਾ ਕਰਕੇ ਉੱਥੇ ਮੁਲਾਜ਼ਮਾਂ ਦੀ ਘਾਟ ਅਤੇ ਸਿਹਤ ਸੇਵਾਵਾਂ ਨਾਲ ਸਬੰਧਤ ਬੁਨਿਆਦੀ ਢਾਂਚੇ ਦੀਆਂ ਕਮੀਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਲਗਾਏ ਗਏ ਖੁੱਲ੍ਹੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਖ਼ੁਦ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਰਣਦੀਪ ਸਿੰਘ ਹੀਰ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਜਾਰੀ ਕੀਤੇ ਗਏ ਸਾਰੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਕਮਿਸ਼ਨ ਦੇ ਮੈਂਬਰ ਵੱਲੋਂ ਜਨਤਕ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਵਾਸਤੇ ਵਧੀਕ ਡਿਪਟੀ ਕਮਿਸ਼ਨਰ ਅਤੇ ਡੀਐੱਸਪੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਮਿਸ਼ਨ ਵੱਲੋਂ ਬੀ.ਐੱਸ. ਬੇਦੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Related