Skip to content
ਪੰਜਾਬ ਕਾਂਗਰਸ ਨੇ ਹਮੇਸ਼ਾ ਮਹਿਲਾਵਾਂ ਨੂੰ ਦਿੱਤੀ ਤਰਜੀਹ, ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦੇਣਗੀਆਂ ਮਹਿਲਾਵਾਂ : ਗਿੱਲ
ਨਾਭਾ (ਅਮਨ ਗਰਗ) :- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਵਿੱਚ ਵਿਸ਼ਵਾਸ ਪ੍ਰਗਟਾਉਣਗੇ ਅਤੇ ਖਾਸ ਤੌਰ ‘ਤੇ ਮਹਿਲਾਵਾਂ ਕਾਂਗਰਸ ਪਾਰਟੀ ਦਾ ਸਾਥ ਦੇਣਗੀਆਂ। ਪੰਜਾਬ ਵਿੱਚ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਕਾਂਗਰਸ ਦੀ ਸਰਕਾਰ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਾਭਾ ਵਿਧਾਨ ਸਭਾ ਹਲਕੇ ਦੀ ਮਹਿਲਾ ਕਾਂਗਰਸ ਪ੍ਰਧਾਨ ਕਮਲੇਸ਼ ਕੌਰ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਕਮਲੇਸ਼ ਕੌਰ ਗਿੱਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਮਹੀਨਿਆਂ ਵਿੱਚ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਐਲਾਨ ਕਰਕੇ ਉਨ੍ਹਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦੇ ਪੁੱਤਰ, ਪਤੀ ਅਤੇ ਪਰਿਵਾਰਕ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ, ਉਹ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਕਿਵੇਂ ਭਰੋਸਾ ਕਰ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਮੇਤ ਨਾਭਾ ਵਿਧਾਨ ਸਭਾ ਹਲਕੇ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਏ ਗਏ ਸਨ। ਇਸ ਦੌਰਾਨ ਮਹਿਲਾਵਾਂ ਨੂੰ ਵੀ ਬਣਦਾ ਮਾਣ-ਸਨਮਾਨ ਅਤੇ ਤਰਜੀਹ ਦਿੱਤੀ ਗਈ ਸੀ।
ਕਮਲੇਸ਼ ਕੌਰ ਗਿੱਲ ਨੇ ਹਲਕੇ ਦੇ ਲੋਕਾਂ ਅਤੇ ਖਾਸ ਕਰਕੇ ਮਹਿਲਾ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਰਾਇ ਦਾ ਪ੍ਰਗਟਾਵਾ ਕਰਨ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹਲਕੇ ਦੀਆਂ ਮਹਿਲਾਵਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮਹਿਲਾਵਾਂ ਵੱਲੋਂ ਮਿਲ ਰਹੇ ਹੁੰਗਾਰੇ ਬਾਰੇ ਭਰੋਸਾ ਹੈ।
ਉਨ੍ਹਾਂ ਕਿਹਾ ਕਿ ਨਾਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਮਹਿਲਾਵਾਂ ਨਾਲ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।
Related