ਕਪੂਰਥਲਾ ਨਗਰ ਨਿਗਮ ‘ਚ ਮੇਅਰ ਚੋਣ ਦੌਰਾਨ ਵੱਡਾ ਸਿਆਸੀ ਉਲਟਫੇਰ, ਨਰਿੰਦਰ ਸਿੰਘ ਮਨਸੂ ਬਣੇ ਮੇਅਰ

ਕਪੂਰਥਲਾ (ਅਰਸ਼ਦੀਪ ਸਿੰਘ ਕਾਲੜਾ)  :- 50 ਵਾਰਡਾਂ ਵਾਲੀ ਕਪੂਰਥਲਾ ਨਗਰ ਨਿਗਮ ਵਿੱਚ ਮੇਅਰ ਦੀ ਚੋਣ ਦੌਰਾਨ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ। ਕਾਂਗਰਸ ਦੇ ਬਾਗੀ ਧੜੇ ਨਾਲ ਜੁੜੇ ਨਰਿੰਦਰ ਸਿੰਘ ਮਨਸੂ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਮੇਅਰ ਚੁਣੇ ਗਏ। ਇਸ ਨਤੀਜੇ ਨੂੰ ਜ਼ਿਲ੍ਹੇ ਦੀ ਸਿਆਸਤ ਵਿੱਚ ਇੱਕ ਵੱਡੇ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਇਸ ਨਾਲ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸਿਆਸੀ ਝਟਕਾ ਲੱਗਣ ਦੀ ਚਰਚਾ ਹੈ।

ਮੇਅਰ ਚੁਣੇ ਜਾਣ ਤੋਂ ਬਾਅਦ ਨਰਿੰਦਰ ਸਿੰਘ ਮਨਸੂ ਨੇ ਕਿਹਾ ਕਿ ਉਹ ਕਿਸੇ ਇੱਕ ਪਾਰਟੀ ਦੇ ਨਹੀਂ, ਸਗੋਂ ਪੂਰੇ ਕਪੂਰਥਲਾ ਸ਼ਹਿਰ ਦੇ ਮੇਅਰ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ।

ਦੂਜੇ ਪਾਸੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੇਅਰ ਚੋਣ ਦੀ ਪੂਰੀ ਪ੍ਰਕਿਰਿਆ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਆਪਣੇ ਸਮੇਤ 27 ਜੇਤੂ ਮੈਂਬਰਾਂ ਦਾ ਸਮਰਥਨ ਸੀ, ਪਰ ਹੰਗਾਮੇ ਵਾਲੇ ਮਾਹੌਲ ਵਿੱਚ ਵਿਰੋਧੀ ਧਿਰ ਨੇ ਆਪਣੇ ਆਪ ਨੂੰ ਮੇਅਰ ਐਲਾਨ ਕਰ ਦਿੱਤਾ ਅਤੇ ਉੱਥੋਂ ਚਲੀ ਗਈ।

ਰਾਣਾ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਕਪੂਰਥਲਾ ਵਿੱਚ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਅਤੇ ਆਮ ਆਦਮੀ ਪਾਰਟੀ ਨੇ ਲੋਕਤੰਤਰੀ ਪਰੰਪਰਾਵਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਅਤੇ ਲੋਕਤੰਤਰੀ ਲੜਾਈ ਲੜੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਲੋਕ ਇਸ ਘਟਨਾ ਦਾ ਜਵਾਬ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ।

ਮੇਅਰ ਚੋਣ ਤੋਂ ਬਾਅਦ ਕਪੂਰਥਲਾ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ। ਇੱਕ ਪਾਸੇ ਨਵੀਂ ਮੇਅਰਸ਼ਿਪ ਨੂੰ ਲੈ ਕੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ, ਜਦਕਿ ਦੂਜੇ ਪਾਸੇ ਵਿਰੋਧੀ ਧਿਰ ਵੱਲੋਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਸਵਾਲ ਚੁੱਕੇ ਜਾਣ ਕਾਰਨ ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਹੋਰ ਸਿਆਸੀ ਤੌਰ ‘ਤੇ ਗਰਮਾਉਣ ਦੀ ਸੰਭਾਵਨਾ ਹੈ।