9 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਪਤਨੀ ਦੇ ਹੱਥਾਂ ’ਚੋਂ ਅਜੇ ਨਹੀਂ ਉਤਰਿਆ ਸੀ ਲਾਲ ਚੂੜਾ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਦਿੱਤਾ ਅੰਜਾਮ

ਕਪੂਰਥਲਾ (ਅਰਸ਼ਦੀਪ ਸਿੰਘ ਕਾਲੜਾ) : ਕਪੂਰਥਲਾ ਦੇ ਮਹਿਤਾਬਗੜ੍ਹ ਮੁਹੱਲੇ ਵਿੱਚ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਘਰ ਦੇ ਬਾਹਰ ਦੋਸਤਾਂ ਨਾਲ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਮਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੰਜਾਮ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਮੁਹੱਲੇ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਕਮਲ ਅਤੇ ਮਨੀ ’ਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹਨ।

ਜਾਣਕਾਰੀ ਅਨੁਸਾਰ ਮਨੀ ਦੇਰ ਸ਼ਾਮ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਪਟਾਕੇ ਚਲਾ ਰਿਹਾ ਸੀ। ਇਸੇ ਦੌਰਾਨ ਕਥਿਤ ਤੌਰ ’ਤੇ ਕਮਲ ਅਤੇ ਮਨੀ ਆਪਣੇ ਕੁਝ ਸਾਥੀਆਂ ਸਮੇਤ ਉੱਥੇ ਪਹੁੰਚੇ ਅਤੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਮਨੀ ਦੀ ਛਾਤੀ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਗੋਲੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਮੁਹੱਲਾ ਵਾਸੀ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਮਨੀ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਮ੍ਰਿਤਕ ਨਾਲ ਪਟਾਕੇ ਚਲਾ ਰਹੇ ਉਸ ਦੇ ਦੋਸਤ ਵੀ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਅਤੇ ਥਾਣਾ ਕੋਤਵਾਲੀ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਬ-ਡਿਵੀਜ਼ਨ ਦੇ ਡੀਐੱਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਮਨੀ ਨਾਂ ਦੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੀਆਈਏ ਸਟਾਫ਼ ਅਤੇ ਥਾਣਾ ਸਿਟੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਕਮਲ ਖ਼ਿਲਾਫ਼ ਪਹਿਲਾਂ ਵੀ ਆਰਮਜ਼ ਐਕਟ ਤਹਿਤ ਦੋ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

9 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਇਸ ਦਰਦਨਾਕ ਘਟਨਾ ਨੇ ਮ੍ਰਿਤਕ ਦੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਮਨੀ ਦੀ ਰਿਸ਼ਤੇਦਾਰ ਹਰਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਮਹਿਜ਼ 9 ਮਹੀਨੇ ਪਹਿਲਾਂ ਹੋਇਆ ਸੀ। ਉਸ ਦੀ ਪਤਨੀ ਦੇ ਹੱਥਾਂ ਵਿੱਚੋਂ ਅਜੇ ਵਿਆਹ ਦਾ ਲਾਲ ਚੂੜਾ ਵੀ ਨਹੀਂ ਉਤਰਿਆ ਸੀ ਕਿ ਇਸ ਵਾਰਦਾਤ ਨੇ ਉਸ ਦਾ ਸੁਹਾਗ ਉਜਾੜ ਦਿੱਤਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।