ਕਪੂਰਥਲਾ ਜੇਲ੍ਹ ਵਿੱਚ ਹੋਈ ਭੰਨਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਅਤੇ ਅੰਮ੍ਰਿਤਸਰ ਵਿੱਚ ਐਸ.ਆਈ. ਦੇ ਬੇਰਹਿਮ ਕਤਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਨ੍ਹਾਂ ਘਟਨਾਵਾਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਜੇ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਅਜਿਹੀਆਂ ਘਟਨਾਵਾਂ ਸੂਬੇ ਦੇ ਅਮਨ-ਚੈਨ ਲਈ ਵੱਡਾ ਖ਼ਤਰਾ ਬਣ ਸਕਦੀਆਂ ਹਨ।

ਪ੍ਰੈਸ ਨਾਲ ਗੱਲਬਾਤ ਕਰਦਿਆਂ ਲੱਖਾ ਸਿੰਘ, ਸਾਬਕਾ ਮੈਂਬਰ ਕਮਿਸ਼ਨ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਅੰਦਰ ਭੰਨਤੋੜ ਅਤੇ ਅੱਗਜ਼ਨੀ ਵਰਗੀਆਂ ਘਟਨਾਵਾਂ ਇਹ ਦਰਸਾਉਂਦੀਆਂ ਹਨ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਤੇ ਨਾ ਕਿਤੇ ਵੱਡੀ ਲਾਪਰਵਾਹੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ।

ਲੱਖਾ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇੱਕ ਪੁਲਿਸ ਅਧਿਕਾਰੀ ਦਾ ਕਤਲ ਹੋਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ, ਜਿਸ ਨਾਲ ਸਾਫ਼ ਹੁੰਦਾ ਹੈ ਕਿ ਅਪਰਾਧਿਕ ਤੱਤਾਂ ਦੇ ਹੌਸਲੇ ਕਿੰਨੇ ਬੁਲੰਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਕਾਨੂੰਨ ਦੇ ਰਖਵਾਲੇ ਹੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਲੋਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰਨਗੇ।

ਉਨ੍ਹਾਂ ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਹਾਲਾਤ ਨਹੀਂ ਸੰਭਲਣੇ, ਸਗੋਂ ਜ਼ਮੀਨੀ ਪੱਧਰ ’ਤੇ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ ਦੀ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇ, ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ’ਤੇ ਨਕੇਲ ਕਸੀ ਜਾਵੇ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ।

ਲੱਖਾ ਸਿੰਘ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਪਿਆਰ, ਭਾਈਚਾਰੇ ਅਤੇ ਅਮਨ ਦੀ ਧਰਤੀ ਰਿਹਾ ਹੈ, ਪਰ ਕੁਝ ਅਸਮਾਜਿਕ ਤੱਤ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਚਾਹੁੰਦੇ ਹਨ ਅਤੇ ਸਰਕਾਰ ਨੂੰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਦੋਸ਼ੀਆਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।