ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਰਹੇਗਾ ਬੰਦ, ਸੁਰੱਖਿਆ ਸਥਿਤੀ ਕਾਰਨ ਸੇਵਾਵਾਂ ਮੁਅੱਤਲ

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਵਿਦੇਸ਼ ਮੰਤਰਾਲੇ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਧਾਰਮਿਕ ਯਾਤਰਾਵਾਂ ਦੁਵੱਲੇ ਸਮਝੌਤਿਆਂ ਤਹਿਤ ਹੁੰਦੀਆਂ ਹਨ। ਹਾਲਾਂਕਿ, ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਦੀਆਂ ਸੇਵਾਵਾਂ ਫਿਲਹਾਲ ਮੁਅੱਤਲ ਰਹਿਣਗੀਆਂ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ਰਧਾਲੂ ਵੀਜ਼ਿਆਂ ਦੀ ਗਿਣਤੀ ਵਧਾਉਣ ਅਤੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਹਰ ਸਾਲ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਮਝੌਤੇ ਤਹਿਤ ਭਾਰਤ ਤੋਂ ਸਿੱਖ ਜਥੇ ਪਾਕਿਸਤਾਨ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ।

ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਮੰਗ ਬਾਰੇ ਜੈਸਵਾਲ ਨੇ ਕਿਹਾ ਕਿ ਮੌਜੂਦਾ ਸੁਰੱਖਿਆ ਹਾਲਾਤ ਕਾਰਨ ਲਾਂਘਾ ਬੰਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸੰਸਦ ਵਿੱਚ ਕਰਤਾਰਪੁਰ ਲਾਂਘੇ ਨਾਲ ਸਬੰਧਤ ਸਵਾਲ ਦਾ ਜਵਾਬ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ 7 ਮਈ 2025 ਨੂੰ ਬੰਦ ਕਰ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਵਫ਼ਦ ਵੱਲੋਂ ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਚਾਰਜ ਡੀ ਅਫੇਅਰਜ਼ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਤੋਂ ਬਾਅਦ ਆਇਆ ਹੈ।

ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 2026 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਿਆਂ ਦੀ ਗਿਣਤੀ ਵਧਾਉਣ ਦੀ ਰਸਮੀ ਮੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਅਨੁਸਾਰ ਪ੍ਰਕਾਸ਼ ਗੁਰਪੁਰਬ ਲਈ ਪਾਕਿਸਤਾਨ ਜਾਣ ਵਾਸਤੇ 7,500 ਤੋਂ ਵੱਧ ਸਿੱਖ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਕਮੇਟੀ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਹਨ।

ਆਮ ਤੌਰ ’ਤੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਲਗਭਗ 1,800 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਂਦੇ ਹਨ। ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਵਿਸ਼ੇਸ਼ ਪ੍ਰਬੰਧ ਕਰਦਿਆਂ ਕਮੇਟੀ ਵੱਲੋਂ ਭੇਜੇ ਗਏ ਸਾਰੇ 7,500 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ, ਤਾਂ ਜੋ ਵੱਧ ਤੋਂ ਵੱਧ ਸਿੱਖ ਸੰਗਤ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕੇ।