ਚੰਨੀ ਨੂੰ ਭਾਜਪਾ ‘ਚ ਆਉਣ ਦਾ ਖੁੱਲ੍ਹਾ ਸੱਦਾ, ਕੇਵਲ ਢਿੱਲੋਂ ਨੇ ਕਿਹਾ- ਚਾਹੁਣ ਤਾਂ ਸਵਾਗਤ ਹੈ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਦੀ ਸਿਆਸਤ ਵਿੱਚ ਇਕ ਨਵੀਂ ਚਰਚਾ ਉਸ ਵੇਲੇ ਛਿੜ ਗਈ ਜਦੋਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦੇ ਦਿੱਤਾ।

ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਚੰਨੀ ਦੀ ਰਿਹਾਇਸ਼ ‘ਤੇ ਨਾਰਾਜ਼ ਕਾਂਗਰਸੀ ਆਗੂਆਂ ਦੇ ਇਕੱਠ ਬਾਰੇ ਸਵਾਲ ਕੀਤਾ। ਇਸ ਦੇ ਜਵਾਬ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਭਾਜਪਾ ਵਿੱਚ ਆਉਣਾ ਚਾਹੁੰਦੇ ਹਨ ਤਾਂ ਪਾਰਟੀ ਉਨ੍ਹਾਂ ਦਾ ਦਿਲੋਂ ਸਵਾਗਤ ਕਰੇਗੀ।

ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਆਗੂ ਨਾਲ ਸੰਪਰਕ ਕਰਕੇ ਉਸ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਨਹੀਂ ਕਹਿੰਦੀ, ਪਰ ਜੇ ਕੋਈ ਆਪਣੀ ਮਰਜ਼ੀ ਨਾਲ ਭਾਜਪਾ ਵਿੱਚ ਆਉਣਾ ਚਾਹੇ ਤਾਂ ਉਸ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ।

ਕੇਵਲ ਸਿੰਘ ਢਿੱਲੋਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਅਟਕਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਚਰਨਜੀਤ ਸਿੰਘ ਚੰਨੀ ਜਾਂ ਕਾਂਗਰਸ ਵੱਲੋਂ ਇਸ ਪੇਸ਼ਕਸ਼ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।