
Skip to content

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਪੰਜਾਬ ਭਰ ‘ਚ ਸਫ਼ਾਈ ਅਭਿਆਨ, ਹਜ਼ਾਰਾਂ ਭਾਜਪਾ ਵਰਕਰਾਂ ਨੇ ਲਿਆ ਹਿੱਸਾ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਭਰ ਵਿੱਚ ਵਿਸ਼ਾਲ ਪੱਧਰ ‘ਤੇ ਸਫ਼ਾਈ ਅਭਿਆਨ ਚਲਾਇਆ ਗਿਆ। ਜਲੰਧਰ ਦੇ ਇੱਕ ਪਾਰਕ ਵਿੱਚ ਕਰਵਾਏ ਗਏ ਸਫ਼ਾਈ ਅਭਿਆਨ ਦੌਰਾਨ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਪਾਰਟੀ ਦੇ ਵਰਕਰ ਪੂਰੇ ਪੰਜਾਬ ਵਿੱਚ ਜੋਸ਼ ਅਤੇ ਉਤਸ਼ਾਹ ਨਾਲ ਸੇਵਾ ਕਾਰਜਾਂ ਵਿੱਚ ਜੁਟੇ ਹੋਏ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਇਤਿਹਾਸਕ ਸਵਾਗਤ ਕੀਤਾ ਜਾ ਰਿਹਾ ਹੈ। ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ 620 ਮੰਡਲਾਂ ਵਿੱਚ 3,100 ਤੋਂ ਵੱਧ ਥਾਵਾਂ ‘ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਭਾਜਪਾ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਨੂੰ ਵਿਸ਼ਵ-ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਸੇਵਾਵਾਂ ਮਿਲਣਗੀਆਂ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ ਅਤੇ ਪੰਜਾਬ ਵੀ ਇਸ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਰਿਹਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਅਤੇ ਜਨ-ਭਲਾਈ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਹੋਰ ਵੀ ਸਰਗਰਮ ਭੂਮਿਕਾ ਨਿਭਾਉਣ।

Related