
Skip to content

ਖੰਨਾ ਦੇ ਬੂਥਗੜ੍ਹ ‘ਚ ਨਵ-ਵਿਆਹੇ ਜੋੜੇ ਦੀ ਮੌਤ ਨਾਲ ਸੋਗ, ਬਲੈਕਮੇਲਿੰਗ ਦੇ ਦੋਸ਼ਾਂ ਹੇਠ ਮਹਿਲਾ ਖ਼ਿਲਾਫ਼ ਕੇਸ ਦਰਜ
ਖੰਨਾ (ਅਰਸ਼ਦੀਪ ਸਿੰਘ ਕਾਲੜਾ) :- ਖੰਨਾ ਦੇ ਨਜ਼ਦੀਕੀ ਪਿੰਡ ਬੂਥਗੜ੍ਹ ਵਿੱਚ ਇੱਕ ਨਵ-ਵਿਆਹੇ ਜੋੜੇ ਦੀ ਮੌਤ ਨੇ ਪੂਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ। ਪਰਿਵਾਰ ਵੱਲੋਂ ਲਗਾਏ ਦੋਸ਼ਾਂ ਮੁਤਾਬਕ ਇੱਕ ਮਹਿਲਾ ਦੀ ਕਥਿਤ ਬਲੈਕਮੇਲਿੰਗ ਅਤੇ ਮਾਨਸਿਕ ਤੰਗ-ਪਰੇਸ਼ਾਨੀ ਕਾਰਨ ਪਹਿਲਾਂ ਪਤੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ, ਜਦਕਿ ਉਸ ਦੀ ਮੌਤ ਦਾ ਸਦਮਾ ਨਾ ਸਹਾਰ ਸਕਣ ਕਾਰਨ ਪਤਨੀ ਨੇ ਵੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜਾਨ ਦੇ ਦਿੱਤੀ।
ਮ੍ਰਿਤਕਾਂ ਦੀ ਪਛਾਣ ਗੁਰਕਰਮਦੀਪ ਸਿੰਘ (31) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ। ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਗੁਰਕਰਮਦੀਪ ਪੇਸ਼ੇ ਤੋਂ ਆਰਕੀਟੈਕਟ ਸੀ।
ਮ੍ਰਿਤਕ ਦੀ ਮਾਤਾ ਸਿੰਦਰਪਾਲ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਪਿੰਡ ਦੀ ਹੀ ਨਵਜੋਤ ਕੌਰ ਉਰਫ਼ ਦੀਪ, ਜਿਸ ਦੀ ਵਿਆਹ ਤੋਂ ਪਹਿਲਾਂ ਉਸ ਦੇ ਪੁੱਤਰ ਨਾਲ ਦੋਸਤੀ ਸੀ, ਵਿਆਹ ਤੋਂ ਬਾਅਦ ਉਸ ਨੂੰ ਲਗਾਤਾਰ ਬਲੈਕਮੇਲ ਕਰਦੀ ਰਹੀ। ਪਰਿਵਾਰ ਦਾ ਕਹਿਣਾ ਹੈ ਕਿ ਮਹਿਲਾ ਪੈਸਿਆਂ ਦੀ ਮੰਗ ਕਰਦੀ ਸੀ, ਮਾਨਸਿਕ ਦਬਾਅ ਬਣਾਉਂਦੀ ਸੀ ਅਤੇ ਘਰ ਆ ਕੇ ਝਗੜੇ ਵੀ ਕਰਦੀ ਸੀ।
ਪਰਿਵਾਰ ਅਨੁਸਾਰ ਇਸ ਤੰਗ-ਪਰੇਸ਼ਾਨੀ ਤੋਂ ਦੁਖੀ ਹੋ ਕੇ ਗੁਰਕਰਮਦੀਪ ਸਿੰਘ ਨੇ ਘਰ ਵਿੱਚ ਪਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਤਨੀ ਜੈਸਮੀਨ ਨਾਗਰਾ ਗਹਿਰੇ ਸਦਮੇ ਵਿੱਚ ਚਲੀ ਗਈ ਅਤੇ ਉਸ ਨੇ ਵੀ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ।
ਘਟਨਾ ਤੋਂ ਬਾਅਦ ਸਦਰ ਥਾਣਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਨਵਜੋਤ ਕੌਰ ਉਰਫ਼ ਦੀਪ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਦੀ ਭਾਲ ਜਾਰੀ ਹੈ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।
ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਚਾਰ ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਤੋਂ ਬਾਅਦ ਨਵ-ਵਿਆਹੇ ਜੋੜੇ ਦੀ ਇਸ ਦਰਦਨਾਕ ਮੌਤ ਨੇ ਪੂਰੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਮਾਮਲੇ ਦੇ ਪਿੱਛੇ ਅਸਲ ਹਾਲਾਤ ਕੀ ਸਨ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਵਿੱਚ ਕਿੰਨੀ ਸੱਚਾਈ ਹੈ।

Related