ਖਰੜ ਤੋਂ ਟਿਕਟ ਕੱਟੇ ਜਾਣ ਦੀਆਂ ਚਰਚਾਵਾਂ ’ਤੇ ਅਨਮੋਲ ਗਗਨ ਮਾਨ ਨੇ ਲਾਇਆ ਵਿਰਾਮ

ਕਿਹਾ– ਪਾਰਟੀ ਨੇ ਨਹੀਂ ਕੱਟੀ ਟਿਕਟ, ਮੈਂ ਖ਼ੁਦ ਚੋਣ ਨਾ ਲੜਨ ਦਾ ਲਿਆ ਫ਼ੈਸਲਾ; 5 ਅਗਸਤ ਨੂੰ ਹੀ ਕੇਜਰੀਵਾਲ ਨੂੰ ਕਰ ਦਿੱਤਾ ਸੀ ਸਪੱਸ਼ਟ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  : ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੀ ਆਗਾਮੀ ਚੋਣਾਂ ਵਿੱਚ ਟਿਕਟ ਕੱਟੇ ਜਾਣ ਦੀਆਂ ਚਰਚਾਵਾਂ ਦਰਮਿਆਨ ਉਨ੍ਹਾਂ ਨੇ ਵੱਡਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪਾਰਟੀ ਨੇ ਉਨ੍ਹਾਂ ਦੀ ਟਿਕਟ ਨਹੀਂ ਕੱਟੀ, ਸਗੋਂ ਉਨ੍ਹਾਂ ਨੇ ਖ਼ੁਦ ਆਗਾਮੀ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ।

ਸੋਸ਼ਲ ਮੀਡੀਆ ’ਤੇ ਵੀਡੀਓ ਬਿਆਨ ਜਾਰੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਚੁੱਪ ਰਹਿਣ ਕਾਰਨ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ ਸਨ। ਉਨ੍ਹਾਂ ਦੱਸਿਆ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਦਿੱਲੀ ਵਿਖੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਹੀ ਉਨ੍ਹਾਂ ਨੇ ਚੋਣ ਨਾ ਲੜਨ ਦੀ ਆਪਣੀ ਇੱਛਾ ਸਪੱਸ਼ਟ ਕਰ ਦਿੱਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਮੁੜ ਫ਼ੋਨ ਕਰਕੇ ਪੁੱਛਿਆ ਸੀ ਕਿ ਕੀ ਉਹ ਅਜੇ ਵੀ ਆਪਣੇ ਫ਼ੈਸਲੇ ’ਤੇ ਕਾਇਮ ਹਨ। ਇਸ ’ਤੇ ਉਨ੍ਹਾਂ ਨੇ ਦੁਬਾਰਾ ਚੋਣ ਨਾ ਲੜਨ ਦੀ ਗੱਲ ਕਹੀ। ਕੇਜਰੀਵਾਲ ਨੇ ਉਨ੍ਹਾਂ ਨੂੰ ਲੋਕਾਂ ਸਾਹਮਣੇ ਸਪੱਸ਼ਟ ਕਰਨ ਲਈ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਟਿਕਟ ਨਹੀਂ ਕੱਟੀ ਗਈ, ਬਲਕਿ ਇਹ ਉਨ੍ਹਾਂ ਦਾ ਆਪਣਾ ਨਿੱਜੀ ਫ਼ੈਸਲਾ ਹੈ।

ਅਨਮੋਲ ਗਗਨ ਮਾਨ ਨੇ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਪਰ ਇਹ ਫ਼ੈਸਲਾ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਲਿਆ ਹੈ। ਅੰਤ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਬਿਆਨ ਤੋਂ ਬਾਅਦ ਖਰੜ ਹਲਕੇ ਤੋਂ ਉਨ੍ਹਾਂ ਦੀ ਟਿਕਟ ਕੱਟੇ ਜਾਣ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਚਰਚਾਵਾਂ ’ਤੇ ਵਿਰਾਮ ਲੱਗ ਗਿਆ ਹੈ।