
Skip to content

ਖਰੜ ਨੇੜੇ ਭਾਰਤ ਮਾਲਾ ਐਕਸਪ੍ਰੈਸ ਹਾਈਵੇ ‘ਤੇ ਭਿਆਨਕ ਹਾਦਸਾ, ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ
ਖਰੜ (ਅਰਸ਼ਦੀਪ ਸਿੰਘ ਕਾਲੜਾ) :- ਖਰੜ ਨੇੜੇ ਭਾਰਤ ਮਾਲਾ ਐਕਸਪ੍ਰੈਸ ਹਾਈਵੇ ‘ਤੇ ਟੋਲ ਪਲਾਜ਼ਾ ਕੋਲ ਮੰਗਲਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਨਵ-ਵਿਆਹੇ ਪਤੀ-ਪਤਨੀ ਅਤੇ ਇੱਕ ਬਜ਼ੁਰਗ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਜੋੜੇ ਦਾ ਵਿਆਹ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਹਾਈਵੇ ‘ਤੇ ਅੱਗੇ ਜਾ ਰਹੇ ਇੱਕ ਟਰਾਲੇ ਦੇ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੀ। ਇਸ ਦੌਰਾਨ ਪਿੱਛੇ ਆ ਰਹੀ ਤੇਜ਼ ਰਫ਼ਤਾਰ ਕਾਰ ਸਮੇਂ ਸਿਰ ਨਹੀਂ ਰੁਕ ਸਕੀ ਅਤੇ ਸਿੱਧੀ ਟਰਾਲੇ ਦੇ ਪਿੱਛੇ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਤਿੰਨਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਘੜੂੰਆਂ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰਵਾਏ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਟਰਾਲੇ ਵੱਲੋਂ ਅਚਾਨਕ ਬਰੇਕ ਲਗਾਉਣ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ, ਹਾਲਾਂਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

Related