
Skip to content

ਜਤਿੰਦਰ ਪਿੰਕਲ, ਫਿਰੋਜ਼ਪੁਰ: ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਵੀਰਵਾਰ ਨੂੰ ਫਿਰੋਜ਼ਪੁਰ ਵਿੱਚ ਲੋਕਾਂ ਦਾ ਰੋਸ ਸੜਕਾਂ ’ਤੇ ਦੇਖਣ ਨੂੰ ਮਿਲਿਆ। ਫਿਰੋਜ਼ਪੁਰ ਲੋਕ ਲਹਿਰ ਦੇ ਬੈਨਰ ਹੇਠ ਵੱਖ-ਵੱਖ ਜਨਤਕ, ਸਮਾਜਿਕ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਧਰਨੇ ਕਾਰਨ ਨੈਸ਼ਨਲ ਹਾਈਵੇ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਨੇ ਆਪਣੇ ਕਾਰਜਕਾਲ ਦੌਰਾਨ ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੁਕਾਨਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਨਾਲ ਸਬੰਧਤ ਅਦਾਰਿਆਂ ਦੀ ਜਾਂਚ, ਛਾਪੇਮਾਰੀ ਅਤੇ ਸੈਂਪਲਿੰਗ ਕੀਤੀ ਸੀ। ਆਗੂਆਂ ਨੇ ਉਨ੍ਹਾਂ ਦੀ ਮੁਅੱਤਲੀ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਮਾਮਲਾ ਲੋਕਾਂ ਦੀ ਸਿਹਤ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਭਿਨਵ ਖੋਸਲਾ ਦੀ ਮੁਅੱਤਲੀ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਮੁੜ ਅਹੁਦੇ ’ਤੇ ਬਹਾਲ ਕਰੇ। ਆਗੂਆਂ ਨੇ ਕਿਹਾ ਕਿ ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣਾ ਸਮਾਜ ਦੇ ਹਿੱਤ ਵਿੱਚ ਹੈ ਅਤੇ ਇਸ ਮੁੱਦੇ ’ਤੇ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ।
ਮੰਗ ਨਾ ਮੰਨੀ ਤਾਂ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਭਿਨਵ ਖੋਸਲਾ ਦੀ ਮੁਅੱਤਲੀ ਵਾਪਸ ਨਾ ਲਈ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਵੀਰਵਾਰ ਦਾ ਧਰਨਾ ਸੰਘਰਸ਼ ਦੀ ਸ਼ੁਰੂਆਤ ਹੈ ਅਤੇ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਫਿਰੋਜ਼ਪੁਰ ਲੋਕ ਲਹਿਰ ਨੂੰ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਆਮ ਲੋਕਾਂ ਦਾ ਸਾਂਝਾ ਮੰਚ ਦੱਸਦਿਆਂ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼ਹਿਰ ਦੇ ਲੋਕਾਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਅੰਦੋਲਨ ਦੀ ਸੰਭਾਵਨਾ ਵੀ ਜਤਾਈ।
ਕਈ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਲ
ਇਸ ਧਰਨੇ ਵਿੱਚ ਪ੍ਰੈੱਸ ਭਾਈਚਾਰੇ, ਕਿਸਾਨ ਜਥੇਬੰਦੀਆਂ, ਵਕੀਲ ਭਾਈਚਾਰੇ, ਮਜ਼ਦੂਰ ਯੂਨੀਅਨਾਂ, ਅਧਿਆਪਕ ਜਥੇਬੰਦੀਆਂ, ਵਿਦਿਆਰਥੀ ਯੂਨੀਅਨਾਂ ਅਤੇ ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਆਗੂ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਅਭਿਨਵ ਖੋਸਲਾ ਦੀ ਬਹਾਲੀ ਦੀ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਧਰਨੇ ਕਾਰਨ ਨੈਸ਼ਨਲ ਹਾਈਵੇ ’ਤੇ ਆਵਾਜਾਈ ਵਿੱਚ ਵਿਘਨ ਪਿਆ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਲੋਕਾਂ ਦੇ ਰੋਸ ਨੂੰ ਸ਼ਾਂਤ ਕੀਤਾ ਜਾ ਸਕੇ।

Related