ਕੁੱਲੂ ’ਚ ਸਤਿੰਦਰ ਸਰਤਾਜ ਦੇ ਪ੍ਰੋਗਰਾਮ ਤੋਂ ਪਰਤ ਰਹੇ ਸਨ ਚਾਰੇ ਵਿਅਕਤੀ, ਗੱਡੀ ਡੂੰਘੀ ਖਾਈ ’ਚ ਡਿੱਗੀ

ਸ੍ਰੀ ਕੀਰਤਪੁਰ ਸਾਹਿਬ (ਅਰਸ਼ਦੀਪ ਸਿੰਘ ਕਾਲੜਾ) : ਚੰਡੀਗੜ੍ਹ-ਕੁੱਲੂ-ਮਨਾਲੀ ਮੁੱਖ ਮਾਰਗ ’ਤੇ ਪਿੰਡ ਦੇਹਣੀ ਨੇੜੇ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਸਾਊਂਡ ਦਾ ਸਾਮਾਨ ਲੈ ਕੇ ਜਾ ਰਹੀ ਇੱਕ ਗੱਡੀ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਚਾਰਾਂ ਵਿਅਕਤੀਆਂ ਦੀ ਜਾਨ ਚਲੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਵਿੱਚ ਸਵਾਰ ਵਿਅਕਤੀ ਕੁੱਲੂ ਵਿਖੇ ਦੁਸਹਿਰਾ ਮੇਲੇ ਦੌਰਾਨ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਪ੍ਰੋਗਰਾਮ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਸ ਦੌਰਾਨ ਪਿੰਡ ਦੇਹਣੀ ਨੇੜੇ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।

ਖਾਈ ਡੂੰਘੀ ਹੋਣ ਅਤੇ ਗੱਡੀ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਕਾਰਨ ਬਚਾਅ ਟੀਮਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ। ਕਰੀਬ ਢਾਈ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਚਾਰਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਖਾਈ ਵਿੱਚੋਂ ਬਾਹਰ ਕੱਢਿਆ ਗਿਆ। ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸਐੱਚਓ ਇੰਸਪੈਕਟਰ ਰਾਹੁਲ ਸ਼ਰਮਾ ਅਤੇ ਜਾਂਚ ਅਧਿਕਾਰੀ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗੱਡੀ ਦੇ ਡਰਾਈਵਰ ਬਿਕਰਮ ਸਿੰਘ (36), ਆਸ਼ੂ ਕੁਮਾਰ (33), ਕ੍ਰਿਸ਼ਨ ਕੁਮਾਰ (20) ਅਤੇ ਸੁਖਦੇਵ ਰਾਮ (27) ਵਜੋਂ ਹੋਈ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਹਾਲੇ ਤੱਕ ਕਿਸੇ ਵੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੱਲੋਂ ਬਿਆਨ ਦਰਜ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਬਿਆਨ ਦਰਜ ਹੋਣ ਤੋਂ ਬਾਅਦ ਉਸ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।