ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਹਜ਼ਾਰਾਂ ਕਿਸਾਨ ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ।

    ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਅੱਜ ਕਿਸਾਨ-ਮਜ਼ਦੂਰ ਮਹਾਪੰਚਾਇਤ ਹੋਣ ਜਾ ਰਹੀ ਹੈ। ਇਸ ਵਿਚ ਦੇਸ਼ ਭਰ ਤੋਂ 400 ਤੋਂ ਵੱਧ ਸੰਗਠਨ ਹਿੱਸਾ ਲੈਣਗੇ। ਦਿੱਲੀ ਪੁਲਿਸ ਪ੍ਰਸ਼ਾਸਨ ਨੇ ਵੀ ਮਹਾਪੰਚਾਇਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਕੁਝ ਸ਼ਰਤਾਂ ਨਾਲ ਰਾਮਲੀਲਾ ਮੈਦਾਨ ਵਿਚ ਮਹਾਪੰਚਾਇਤ ਦੀ ਇਜਾਜ਼ਤ ਦਿੱਤੀ ਗਈ ਹੈ। ਅੰਦੋਲਨ ‘ਤੇ ਕੋਈ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ।

    ਦੱਸ ਦੇਈਏ ਕਿ ਮੋਰਚੇ ਨੇ ਹਰਿਆਣਾ-ਪੰਜਾਬ ਸਣੇ ਹੋਰ ਸੂਬਿਆਂ ਵਿਚ ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ ਅਸਥੀ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਨਾਲ ਹੀ ਕਿਹਾ ਹੈ ਕਿ 22 ਮਾਰਚ ਨੂੰ ਹਿਸਾਰ ਤੇ 31 ਮਾਰਚ ਨੂੰ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿਚ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

    ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ MSP ਦੀ ਗਾਰੰਟੀ ਦਾ ਕਾਨੂੰਨ ਬਣਾਉਣ ਸਣੇ ਹੋਰ ਮੰਗਾਂ ਉਤੇ ਅੜੇ ਹੋਏ ਹਨ। ਹੁਣ ਤੱਕ ਸਰਕਾਰ ਨਾਲ 4 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਧਰਨੇ ‘ਤੇ ਡਟੇ ਰਹਿਣਗੇ।