
Skip to content

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਤਰਾਖੰਡ ਦੇ ਇੱਕ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਵਰਗੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉੱਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਦੇਸ਼ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਗੰਭੀਰ ਖ਼ਤਰਾ ਹਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਅਤੇ ਰੱਖਿਆ ਲਈ ਅਣਗਿਣਤ ਸ਼ਹਾਦਤਾਂ ਦਿੱਤੀਆਂ ਹਨ ਅਤੇ ਅਜਿਹੇ ਭੜਕਾਊ ਬਿਆਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਗਟਾਵੇ ਸਿੱਖਾਂ ਪ੍ਰਤੀ ਨਫ਼ਰਤ ਭਰੀ ਸੋਚ ਨੂੰ ਦਰਸਾਉਂਦੇ ਹਨ, ਜਿਸ ਨੂੰ ਰੋਕਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ। ਨਾਲ ਹੀ ਉੱਤਰਾਖੰਡ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਆਉਣ ਵਾਲੇ ਸਿੱਖ ਅਤੇ ਪੰਜਾਬੀ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੇ ਧਾਰਮਿਕ ਕਕਾਰਾਂ ਅਤੇ ਬਾਣੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਜਾਂ ਪਰੇਸ਼ਾਨੀ ਨੂੰ ਰੋਕਿਆ ਜਾਵੇ।
ਜਥੇਦਾਰ ਨੇ ਕਿਹਾ ਕਿ ਪਹਿਲਾਂ ਵੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਬਾਣੇ ਕਾਰਨ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਭਾਈਚਾਰੇ ਨੂੰ ਉੱਤਰਾਖੰਡ ਯਾਤਰਾ ਸਬੰਧੀ ਸਖ਼ਤ ਫ਼ੈਸਲੇ ਲੈਣ ਲਈ ਮਜਬੂਰ ਹੋਣਾ ਪੈ ਸਕਦਾ ਹੈ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਧਮਕੀ ਭਰੇ ਅਤੇ ਸਿੱਖ ਵਿਰੋਧੀ ਪ੍ਰਗਟਾਵਿਆਂ ਦੇ ਮਾਮਲੇ ਵਿੱਚ ਅੰਮ੍ਰਿਤਸਰ ਵਿਖੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੀਆਂ ਹਰਕਤਾਂ ਕਰਨ ਦੀ ਹਿੰਮਤ ਨਾ ਕਰ ਸਕੇ।

Related