ਨਵੀਂ ਦਿੱਲੀ- ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਤੋਂ ਬਾਅਦ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਇਨਸਾਫ ਲਈ ਇਸ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦੀਆਂ ਦੋ ਮੰਗਾਂ ਹਨ ਕਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ, ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸਰਾ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਯੂ.ਪੀ. ਦੇ ਲਖੀਮਪੁਰ ਖੀਰੀ ’ਚ ਵਾਪਰੀ ਹਿੰਸਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਪ੍ਰੈੱਸ ਕਲੱਬ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਸੀਨੀਅਰ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰ ਰਹੀ ਹੈ। ਸਰਕਾਰ ਦਾ ਇਹ ਰਵੱਈਆ ਗਲਤ ਹੈ ਅਤੇ ਇਸ ਨਾਲ ਕਿਸਾਨਾਂ ਵਿੱਚ ਗੁੱਸਾ ਹੈ। ਹੁਣ ਕਿਸਾਨ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਅਸੀਂ ਦੇਸ਼ ਦੇ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ ਪਰ ਗੂੰਗੀ-ਬੋਲ਼ੀ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਅਜਿਹਾ ਕਰਨਾ ਪਵੇਗਾ।