ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿੱਚ ਫਿਰੋਜ਼ਪੁਰ ਤੋਂ ਭਰਵੀਂ ਸ਼ਮੂਲੀਅਤ ਦਾ ਐਲਾਨ

ਫਿਰੋਜ਼ਪੁਰ, ਜਤਿੰਦਰ ਪਿੰਕਲ: ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਪੰਜਾਬ, ਫਿਰੋਜ਼ਪੁਰ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸਿੱਧੂ, ਸੂਬਾਈ ਆਗੂ ਚਰਨਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਗੁਰਦੇਵ ਸਿੰਘ ਦੀ ਅਗਵਾਈ ਹੇਠ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਅਧਿਆਪਕਾਂ ਸਮੇਤ ਸਮੂਹ ਮੁਲਾਜ਼ਮ ਵਰਗ ਨਾਲ ਸਬੰਧਤ ਅਹਿਮ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ਾਂ ਸਬੰਧੀ ਮਹੱਤਵਪੂਰਨ ਫੈਸਲੇ ਲਏ ਗਏ।

ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਬੇਰੁਖ਼ੀ ਦੇ ਵਿਰੋਧ ਵਿੱਚ 7 ਅਗਸਤ ਨੂੰ ਚੰਡੀਗੜ੍ਹ ਵਿਖੇ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਫਿਰੋਜ਼ਪੁਰ ਵੱਲੋਂ ਭਰਵੀਂ ਅਤੇ ਪ੍ਰਭਾਵਸ਼ਾਲੀ ਸ਼ਮੂਲੀਅਤ ਕੀਤੀ ਜਾਵੇਗੀ।

ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਰੈਲੀ ਕਿਸੇ ਇੱਕ ਜਥੇਬੰਦੀ ਦੀ ਨਹੀਂ, ਸਗੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਸਾਂਝੀ ਲੜਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੱਕ ਆਪਣੀਆਂ ਜਾਇਜ਼ ਮੰਗਾਂ ਦੀ ਆਵਾਜ਼ ਮਜ਼ਬੂਤੀ ਨਾਲ ਪਹੁੰਚਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਰੈਲੀ ਵਿੱਚ ਸ਼ਮੂਲੀਅਤ ਕਰਨਾ ਸਮੇਂ ਦੀ ਲੋੜ ਹੈ।

ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਰੁਝੇਵਿਆਂ ਤੋਂ ਉੱਪਰ ਉੱਠ ਕੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਮੁਲਾਜ਼ਮ ਏਕਤਾ ਦਾ ਪ੍ਰਗਟਾਵਾ ਕਰਨ। ਰੈਲੀ ਦੀ ਸਫਲਤਾ ਯਕੀਨੀ ਬਣਾਉਣ ਲਈ ਸਾਰੇ ਬਲਾਕ ਪੱਧਰੀ ਕਮੇਟੀਆਂ ਨੂੰ ਤੁਰੰਤ ਸਰਗਰਮ ਕਰਨ ਦਾ ਵੀ ਫੈਸਲਾ ਲਿਆ ਗਿਆ। ਇਸ ਤਹਿਤ ਹਰੇਕ ਬਲਾਕ ਵਿੱਚ ਅਧਿਆਪਕਾਂ ਨਾਲ ਵਿਆਪਕ ਰਾਬਤਾ ਕਰਕੇ ਵੱਧ ਤੋਂ ਵੱਧ ਸਾਥੀਆਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰ ਜਸਵੰਤ ਕੰਬੋਜ, ਸੰਦੀਪ ਚੌਧਰੀ, ਗੁਰਭੇਜ ਸਿੰਘ, ਜਗਜੀਤ ਸਿੰਘ, ਪ੍ਰਿਤਪਾਲ ਸਿੰਘ, ਸ਼ਮਸ਼ੇਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਆਗੂਆਂ ਨੇ ਸਮੂਹ ਅਧਿਆਪਕਾਂ ਨੂੰ 7 ਅਗਸਤ ਦੀ ਮਹਾਂਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।